ਖੇਤੀਬਾੜੀ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਪੰਚਾਇਤੀ ਜ਼ਮੀਨਾਂ ਤੋਂ ਇਕ ਸਾਲ ਦੇ ਅੰਦਰ ਛੁਡਾਏ ਜਾਣਗੇ ਕਬਜ਼ੇ
Sunday, Oct 02, 2022 - 04:57 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਕੁਲਦੀਸ਼, ਵਰਿੰਦਰ ਪੰਡਿਤ)- ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਟਾਂਡਾ ਵਿਖੇ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਹੋ ਰਹੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਆਪ ਗੁਰਵਿੰਦਰ ਸਿੰਘ ਪਾਬਲਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਰਮਜੀਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕ੍ਰਿਪਾਲ ਸਿੰਘ ਆਪ ਪਾਰਟੀ ਦੇ ਸੰਯੁਕਤ ਸਕੱਤਰ ਪੰਜਾਬ ਰਾਜਾ ਸੁਖਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸੈਕਟਰੀ ਜਸਵਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਮਾਨਸਾ ਪੁਲਸ ਦੀ ਕਸਟਡੀ ’ਚੋਂ ਗੈਂਗਸਟਰ ਦੀਪਕ ਦੇ ਫਰਾਰ ਹੋਣ ’ਤੇ ਪਰਗਟ ਸਿੰਘ ਨੇ ‘ਆਪ’ ’ਤੇ ਚੁੱਕੇ ਸਵਾਲ
ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਆਉਂਦੇ ਇਕ ਸਾਲ ਦੇ ਅੰਦਰ-ਅੰਦਰ ਲੋਕਾਂ ਵੱਲੋਂ ਕੀਤੇ ਗਏ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਛੁਡਾਏ ਜਾਣਗੇ, ਭਾਵੇਂ ਉਹ ਵਿਅਕਤੀ ਕਿੰਨੀ ਵੀ ਪਹੁੰਚ ਰੱਖਦਾ ਹੋਵੇ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਡੀ. ਪੀ, ਯੂਰੀਆ ਅਤੇ ਹੋਰ ਖਾਦਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਵਾਸਤੇ ਵੀ ਸਰਕਾਰ ਵੱਲੋਂ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰੇਤਾ-ਬੱਜਰੀ 1 ਨਵੰਬਰ ਤੋਂ ਬਾਅਦ ਲੋਕਾਂ ਨੂੰ ਵਾਜਬ ਰੇਟ 'ਤੇ ਮਿਲੇਗੀ। ਬਾਰਿਸ਼ ਦੌਰਾਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਵੀ ਸਰਕਾਰ ਵੱਲੋਂ ਕਰਵਾਈ ਗਈ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਇਸ ਮੌਕੇ ਉਨ੍ਹਾਂ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਉਸ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ: ਦੇਸ਼ ਪੱਧਰੀ ਸਰਵੇਖਣ ’ਚ 154ਵੇਂ ਰੈਂਕ ’ਤੇ ਆਇਆ ਜਲੰਧਰ ਸ਼ਹਿਰ, ਸਵੱਛਤਾ ਰੈਂਕਿੰਗ ’ਚ 7 ਅੰਕਾਂ ਦਾ ਸੁਧਾਰ
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਤੀਬਾੜੀ ਮੁੱਖ ਅਫ਼ਸਰ ਡਾ. ਗੁਰਦੇਵ ਸਿੰਘ, ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ, ਸਿਟੀ ਪ੍ਰਧਾਨ ਆਪ ਜਗਜੀਵਨ ਜੱਗੀ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ, ਸੁਰੇਸ਼ ਜੈਨ, ਗੋਲਡੀ ਨਰਵਾਲ ਬਿੱਟੂ ਚੁਨੌਤਾ ਆਦਿ ਵੀ ਮੌਜ਼ੂਦ ਸਨ।
ਇਹ ਵੀ ਪੜ੍ਹੋ: ਜਲੰਧਰ: ਫੁੱਟਬਾਲ ਕੋਚ ਨੇ ਨਹੀਂ ਚੁੱਕਿਆ ਫੋਨ ਤਾਂ ਤੈਸ਼ 'ਚ ਆਈ ਕੁੜੀ ਨੇ ਗਲ਼ ਲਾਈ ਮੌਤ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ