350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਜਥੇਦਾਰ ਗੜਗੱਜ ਦੀ ਲੋਕਾਂ ਨੂੰ ਅਪੀਲ! 23 ਤੋਂ 29 ਨਵੰਬਰ ਤੱਕ ਹਰ ਸਿੱਖ...
Sunday, Nov 16, 2025 - 05:10 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੂਹਾਨੀਅਤ ਅਤੇ ਖਾਲਸਈ ਜਾਹੋ-ਜਲਾਲ ਵਾਲੇ ਮਾਹੌਲ 'ਚ 35 ਹਜ਼ਾਰ ਸਹਿਜ ਪਾਠਾਂ ਦੇ ਸਮੂਹਿਕ ਰੂਪ ਵਿਚ ਭੋਗ ਪਾਏ ਗਏ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਰੱਖੇ ਗਏ ਸਨ। ਇਸ ਮੌਕੇ ਵਿਸ਼ਾਲ ਗੁਰਮਤਿ ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
ਇਹ ਵੀ ਪੜ੍ਹੋ: ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ, ਪੋਸਟ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਹਿਜ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦੇ ਕਿਹਾ ਕਿ ਹਰੇਕ ਸਿੱਖ ਨੂੰ ਜੀਵਨ ਵਿਚ ਵੱਧ ਤੋਂ ਵੱਧ ਸਹਿਜ ਪਾਠ ਕਰਕੇ ਗੁਰਬਾਣੀ ਨੂੰ ਜੀਵਨ ਵਿਚ ਧਾਰਨ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ 23 ਨਵੰਬਰ ਤੋਂ 29 ਨਵੰਬਰ ਤੱਕ ਆਪਣੇ ਘਰਾਂ, ਵਪਾਰਕ ਅਦਾਰਿਆਂ ਅਤੇ ਹੋਰ ਥਾਵਾਂ ‘ਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਏ ਜਾਣ ਤਾਂ ਜੋ ਦੁਨੀਆ ਨੂੰ ਇਹ ਦੱਸਿਆ ਜਾ ਸਕੇ ਕਿ ਅੱਜ ਵਿਸ਼ਵ ਭਰ ਵਿਚ ਸਿੱਖ ਕੌਮ ਦਾ ਜੋ ਨਿਆਰਾ ਜਾਹੋ-ਜਲਾਲ ਹੈ, ਇਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ ਸਦਕਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿਚ ਆਪਣੇ ਧਰਮ ਦੀ ਖਾਤਰ ਕੁਰਬਾਨ ਹੋਣ ਵਾਲੇ ਅਨੇਕਾਂ ਰਹਿਬਰ ਮਿਲ ਜਾਣਗੇ ਪਰ ਦੂਜਿਆਂ ਦੇ ਵਿਸ਼ਵਾਸਾਂ ਦੀ ਰੱਖਿਆ ਲਈ ਮਹਾਨ ਸ਼ਹਾਦਤ ਦੇਣ ਵਾਲੇ ਸਿਰਫ਼ ਸ੍ਰੀ ਗੁਰੂ ਤੇਗ ਬਹਾਦਰ ਜੀ ਹਨ। ਉਨ੍ਹਾਂ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਸਿੱਖਾਂ ਨੂੰ ਕਿਰਪਾਨ ਅਤੇ ਕੜਾ ਪਹਿਨਣ ਤੋਂ ਰੋਕਣ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਦੇ ਚਾਂਦਨੀ ਚੌਕ ਵਿਚ ਸੀਸ ਕਟਵਾ ਕੇ ਸਮੇਂ ਦੇ ਹੁਕਮਰਾਨ ਔਰੰਗਜ਼ੇਬ ਨੂੰ ਇਹ ਦੱਸ ਦਿੱਤਾ ਸੀ ਕਿ ਧੱਕੇ ਨਾਲ ਕਿਸੇ ਦੇ ਧਾਰਮਿਕ ਚਿੰਨ੍ਹ ਨਹੀਂ ਲੁਹਾਏ ਜਾ ਸਕਦੇ ਤਾਂ ਅੱਜ ਵੀ ਸਮੇਂ ਦੀ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਸਿੱਖ ਆਪਣੇ ਧਾਰਮਿਕ ਕਕਾਰਾਂ ਦੀ ਖਾਤਰ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਵਿਸ਼ਾਲ ਮੈਦਾਨ ਵਿਚ ਸਜੇ ਪੰਡਾਲ ਵਿਚ ਧਾਰਮਿਕ ਦੀਵਾਨ ਵਿਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਪਾਵਨ ਗੁਰਬਾਣੀ ਦੇ ਪਾਠ ਕੀਤੇ ਅਤੇ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਰਾਗੀ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ। ਅਰਦਾਸ ਗਿਆਨੀ ਜੋਗਿੰਦਰ ਸਿੰਘ ਨੇ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇਟਲੀ ਪੁਲਸ ’ਚ ਭਰਤੀ ਹੋ ਕੇ ਚਮਕਾਇਆ ਨਾਂ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ 350 ਸਾਲਾ ਦਿਹਾੜਾ ਇਕ ਅਹਿਮ ਮੌਕਾ ਹੈ, ਜਿਸ ਨੂੰ ਸਮਰਪਿਤ ਹੁੰਦੇ ਅੱਜ ਦੀ ਸਰਕਾਰ ਨੂੰ ਵੱਡਾ ਦਿਲ ਵਿਖਾਉਂਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਕੌਮੀ ਪੱਧਰ ਦੇ ਗੁਰਮਤਿ ਸਮਾਗਮਾਂ ਵਿਚ ਵੱਧ ਤੋਂ ਵੱਧ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਅਕੀਦਤ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਨਿਹਾਲ ਸਿੰਘ ਬਾਬਾ ਬਿਧੀ ਚੰਦ ਸੰਪਰਦਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਜਸਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਭਵਾਨੀਗੜ੍ਹ, ਸਹਿਜ ਪਾਠ ਸੇਵਾ ਸੰਸਥਾ ਤੋਂ ਭਾਈ ਜਗਰੂਪ ਸਿੰਘ, ਭਾਈ ਰਾਜਪਾਲ ਸਿੰਘ, ਦਵਿੰਦਰ ਸਿੰਘ ਚੀਫ਼, ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਚਰਨਜੀਤ ਸਿੰਘ, ਭਾਈ ਗੁਰਮੀਤ ਸਿੰਘ ਬੜੂ ਸਾਹਿਬ, ਭਗਤ ਸਿੰਘ ਚਨੌਲੀ, ਸੁਰਿੰਦਰ ਸਿੰਘ ਮਟੌਰ, ਹਰਦੇਵ ਸਿੰਘ ਦੇਬੀ, ਬਾਬਾ ਸਰੂਪ ਸਿੰਘ ਡੂਮੇਵਾਲ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਜਲੰਧਰ! ਕੰਬਿਆ ਇਲਾਕਾ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
