ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

Monday, Mar 21, 2022 - 05:00 PM (IST)

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ)-  ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦੀ ਦਿਨ ਅੱਜ ਕਾਰਵਾਈ ਕੀਤੀ ਗਈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਰਬ ਸੰਮਤੀ ਨਾਲ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਇਥੇ ਇਹ ਵੀ ਦੱਸ ਦੇਈਏ ਕਿ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ ਵਿਧਾਨ ਸਭਾ ਦੀ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ, ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ।

ਇਸ ਦੌਰਾਨ ਉਨ੍ਹਾਂ ਸਪੀਕਰ ਵਜੋਂ ਸਹੁੰ ਵੀ ਚੁੱਕੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਥੇ ਹੀ ਅੱਜ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਹੁੰ ਚੁੱਕੀ। ਉਥੇ ਹੀ ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਨਵੇਂ ਸਪੀਕਰ ਹਰ ਇਕ ਨੂੰ ਬਿਨਾਂ ਪੱਖਪਾਤ ਤੋਂ ਮਸਲੇ ਚੁੱਕਣ ਦਾ ਮੌਕਾ ਦੇਣਗੇ। ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਸਭਾ ਦੀ ਕਾਰਵਾਈ ਲਾਈਵ ਹੋਣੀ ਚਾਹੀਦੀ ਹੈ। ਅਸ਼ਵਨੀ ਕੁਮਾਰ ਸ਼ਰਮਾ ਦਾ ਕਹਿਣਾ ਸੀ ਕਿ ਅਸੀਂ ਸਾਰੇ ਚੰਗੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। 

ਇਹ ਵੀ ਪੜ੍ਹੋ: ‘ਆਪ’ ਵਿਧਾਇਕ ਇੰਨੀ ਮਿਹਨਤ ਕਰਨ ਕਿ ਅੱਗੇ ਵੀ ਭਗਵੰਤ ਮਾਨ ਦੀ ਸਰਕਾਰ ਬਣੇ: ਰਾਘਵ ਚੱਢਾ

ਭਗਵੰਤ ਮਾਨ ਦਾ ਐਲਾਨ, ਲਾਈਵ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਟੈਲੀਕਾਸਟ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਬੋਲੇਦੇ ਹੋਏ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ।

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਨੂੰ ਦੇਸ਼ ਭਰ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਦਨ ਦੇ ਸਾਰੇ ਰੰਗਲਾ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਤਸੱਲੀ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ।
ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ 'ਆਪ' ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ।  ਇਥੇ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 17 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ। ਅੱਜ ਪੰਜਾਬ ਵਿਧਾਨ ਸਭਾ ’ਚ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਵਾਪਰੀ ਵੱਡੀ ਘਟਨਾ, ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News