ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ 'ਚ ਵੱਸਦੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ
Saturday, Sep 03, 2022 - 12:31 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ 'ਚ ਜਿੱਥੇ ਵੀ ਗਏ ਹਨ, ਉੱਥੇ ਉਨ੍ਹਾਂ ਨੇ ਆਪਣੇ ਸੁਭਾਅ ਅਤੇ ਸਖ਼ਤ ਮਿਹਨਤ ਸਦਕਾ ਆਪਣੀ ਵੱਖਰੀ ਪਛਾਣ ਬਣਾਈ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਸੁਣਵਾਈ 7 ਤਾਰੀਖ਼ ਨੂੰ
ਪੰਜਾਬੀਆਂ ਦੀ ਇਹ ਵਿਸ਼ੇਸ਼ਤਾ ਹੀ ਉਨ੍ਹਾਂ ਨੂੰ ਬਾਕੀਆਂ ਨਾਲੋਂ ਵੱਖਰਾ ਮੁਕਾਮ ਦਿਵਾਉਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੇ ਵਿਕਾਸ 'ਚ ਵੀ ਵੱਡਾ ਯੋਗਦਾਨ ਪਾਇਆ ਹੈ ਅਤੇ ਆਪਣੇ ਵਿਸ਼ਾਲ ਕਾਰੋਬਾਰ ਖੜ੍ਹੇ ਕੀਤੇ ਹਨ। ਸੰਧਵਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਆਪਣੀ ਮਾਤ ਭੂਮੀ ਦੇ ਵਿਕਾਸ ਲਈ ਵੀ ਇਸ ਤਰ੍ਹਾਂ ਦੀ ਭੂਮਿਕਾ ਨਿਭਾਏ ਜਾਣ ਦੀ ਜ਼ਿੰਮੇਵਾਰੀ ਬਣਦੀ ਹੈ। ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ 'ਚ ਵੀ ਆਪਣੀਆਂ ਵਿਕਾਸਮਈ ਪਹਿਲ ਕਦਮੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਸਤਲੁਜ ਨੇੜੇ 1.45 ਲੱਖ ਲੀਟਰ ਲਾਹਣ ਬਰਾਮਦ, ਐਕਸਾਈਜ਼ ਵਿਭਾਗ ਨੇ ਡਰੋਨ ਜ਼ਰੀਏ ਕੀਤੀ ਸਰਚ
ਉਨ੍ਹਾਂ ਕਿਹਾ ਕਿ ਪੰਜਾਬੀ ਭਾਵੇਂ ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਹਨ ਪਰ ਉਨ੍ਹਾਂ ਦੀ ਰੂਹ ਪੰਜਾਬ 'ਚ ਹੀ ਵੱਸਦੀ ਹੈ। ਸੰਧਵਾਂ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਉਨ੍ਹਾਂ ਦੀ ਸਫ਼ਲਤਾ 'ਤੇ ਵੱਡਾ ਮਾਣ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਦੇਸ਼ 'ਚ ਵੱਸਦੇ ਆਪਣੇ ਲੋਕਾਂ ਦੇ ਵਿਕਾਸ ਲਈ ਵੀ ਕਦਮ ਚੁੱਕਣਗੇ। ਉਨ੍ਹਾਂ ਨੇ ਪੰਜਾਬ 'ਚ ਆਪਣੇ ਉੱਦਮ ਸ਼ੁਰੂ ਕਰਨ ਵਾਲਿਆਂ ਨੂੰ ਹਰ ਮਦਦ ਦੇਣ ਦਾ ਭਰੋਸਾ ਦਿਵਾਇਆ। ਇਸ ਦੌਰਾਨ ਪੰਜਾਬੀ ਭਾਈਚਾਰੇ ਨੇ ਸੰਧਵਾਂ ਦਾ ਵੱਖ-ਵੱਖ ਥਾਵਾਂ ’ਤੇ ਭਰਪੂਰ ਸੁਆਗਤ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ