ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ. ਆਰ. ਐਸ. ਦੀ ਅਰਜ਼ੀ ਮਨਜ਼ੂਰ, ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਰਿਪੋਰਟ
Tuesday, Apr 20, 2021 - 12:24 PM (IST)
ਚੰਡੀਗੜ੍ਹ (ਅਸ਼ਵਨੀ) : ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲੇ ਵਿਚ ਗਠਿਤ ਐੱਸ. ਆਈ. ਟੀ. ਦੇ ਮੁਖੀ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵਾਲੰਟਰੀ ਰਿਟਾਇਰਮੈਂਟ ਸਕੀਮ (ਵੀ. ਆਰ. ਐੱਸ.) ਦੀ ਮੰਗ ਨੂੰ ਸੂਬਾ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਰਿਪੋਰਟ ਭੇਜ ਦਿੱਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ. ਆਰ. ਐੱਸ. ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਵਿਭਾਗ ਅਤੇ ਡੀ. ਜੀ. ਪੀ. ਨੂੰ ਅਰਜ਼ੀ ਲਾਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਕਹਿਰ ਦਰਮਿਆਨ 'ਟ੍ਰਾਈਸਿਟੀ' 'ਚ ਲਾਇਆ ਗਿਆ ਇਸ ਦਿਨ ਦਾ 'ਲਾਕਡਾਊਨ'
ਦੱਸਣਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਦੇ ਇਸ ਫ਼ੈਸਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵੀ. ਆਰ. ਐੱਸ. ਲੈਣ ਦੇ ਫ਼ੈਸਲੇ ਤੇ ਮੁੜ ਵਿਚਾਰ ਕਰਕੇ ਇਸ ਨੂੰ ਵਾਪਸ ਲੈਣ ਦੀ ਗੱਲ ਕਹੀ ਸੀ, ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਨਹੀਂ ਮੰਨੇ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਮਗਰੋਂ ਇਹ ਕਿਹਾ ਸੀ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੇ ਹੀ ਮੁੱਖ ਮੰਤਰੀ ਨੂੰ ਇਸ ਸਬੰਧੀ ਮਨਾ ਲਿਆ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵੀ. ਆਰ. ਐੱਸ. ਦੀ ਅਰਜ਼ੀ ਮਨਜ਼ੂਰ ਹੋਣ ਦੇ ਬਾਅਦ ਉਨ੍ਹਾਂ ਕਿਹਾ ਕਿ ਉਹ ਬਹਿਬਲਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਨੂੰ ਲੈ ਕੇ ਹਮੇਸ਼ਾ ਸਰਕਾਰ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਇਸ ਮਾਮਲੇ ਵਿਚ ਹੋਈ ਜਾਂਚ ਪੂਰੀ ਇਮਾਨਦਾਰੀ ਨਾਲ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ