ਕੁੰਵਰ ਵਿਜੇ ਪ੍ਰਤਾਪ ਦੇ ਹੱਕ ''ਚ ਚੰਡੀਗੜ੍ਹ ''ਚ ਡਟਿਆ ਬਰਗਾੜੀ ਮੋਰਚਾ

04/20/2019 7:01:15 PM

ਚੰਡੀਗੜ੍ਹ : ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿਚ ਬਰਗਾੜੀ ਮੋਰਚਾ ਨਿੱਤਰ ਆਇਆ ਹੈ। ਮੋਰਚੇ ਦੇ ਆਗੂਆਂ ਵਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਕੁੰਵਰ ਵਿਜੇ ਪ੍ਰਤਾਪ ਨੂੰ ਮੁੜ ਤੋਂ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ ਸਿੱਟ ਦੇ ਮੈਂਬਰ ਵਜੋਂ ਬਹਾਲ ਕਰਨ ਦੀ ਮੰਗ ਕੀਤੀ।ਚੋਣ ਕਮਿਸ਼ਨ ਕੋਲ ਪੁੱਜੇ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਸਨ।


ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇੜੇ ਉਕਤ ਸਿੱਖ ਆਗੂਆਂ ਨੇ ਸ਼ਾਂਤੀਪੂਰਨ ਰੋਸ ਧਰਨਾ ਦਿੱਤਾ। ਇਸ ਤੋਂ ਪਹਿਲਾਂ ਬੀਤੀ 12 ਅਪ੍ਰੈਲ ਨੂੰ ਧਿਆਨ ਸਿੰਘ ਮੰਡ ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਸਾਂਝੇ ਪੰਥਕ ਆਗੂਆਂ ਅਤੇ 16 ਅਪ੍ਰੈਲ ਨੂੰ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰਨਾਂ ਦਲਾਂ ਦੇ ਸਾਂਝੇ ਵਫ਼ਦ ਨੇ ਦਿੱਲੀ 'ਚ ਮੁੱਖ ਚੋਣ ਕਮਿਸ਼ਨਰ ਨੂੰ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ 'ਤੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। 


ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਐੱਸ. ਆਈ. ਟੀ. ਦੀ ਜਾਂਚ ਆਖਰੀ ਪੜਾਅ ਵਿਚ ਪਹੁੰਚ ਚੁੱਕੀ ਹੈ, ਅਜਿਹੇ ਵਿਚ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਨਹੀਂ ਕੀਤਾ ਜਾਣਾ ਚਾਹੀਦਾ। ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਤਬਾਦਲਾ ਰੱਦ ਨਹੀਂ ਕੀਤਾ ਜਾਂਦਾ ਤਾਂ ਇਸ ਨਾਲ ਜਾਂਚ ਪ੍ਰਭਾਵਤ ਹੋਣੀ ਲਾਜ਼ਮੀ ਹੈ।

Gurminder Singh

This news is Content Editor Gurminder Singh