ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ''ਤੇ ਚੋਣ ਕਮਿਸ਼ਨ ਕਰੇਗਾ ਮੁੜ ਵਿਚਾਰ : ਫੂਲਕਾ

04/16/2019 5:30:10 PM

ਚੰਡੀਗੜ੍ਹ (ਭੁੱਲਰ) : ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਦੇ ਮੈਂਬਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਖਿਲਾਫ ਸਰਬ ਧਿਰਾਂ ਦੇ 5 ਮੈਂਬਰੀ ਵਫਦ ਵਲੋਂ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਇਸ ਵਫਦ ਵਿਚ ਐੱਚ. ਐੱਸ. ਫੂਲਕਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, 'ਆਪ' ਦੇ ਬਾਗੀ ਧਿਰ ਦੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਸਨ। 
ਵਫਦ ਨੇ ਮੁੱਖ ਕਮਿਸ਼ਨ ਨੂੰ ਦੱਸਿਆ ਕਿ ਬੇਅਦਬੀ ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਆਖਰੀ ਪੜਾਅ ਵਿਚ ਹੈ, ਅਜਿਹੇ ਵਿਚ ਜੇਕਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਤ ਹੋ ਸਕਦੀ ਹੈ, ਇਸ ਲਈ ਚੋਣ ਕਮਿਸ਼ਨ ਨੂੰ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਫਦ ਦੀ ਅਗਵਾਈ ਕਰ ਰਹੇ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ 'ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।  

Gurminder Singh

This news is Content Editor Gurminder Singh