ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ ਦੀਆਂ ਦੋ ਸੀਟਾਂ ਹੋਈਆਂ ਖਾਲ੍ਹੀ
Monday, Nov 02, 2026 - 06:21 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਮਨੀਤ ਸਿੰਘ ਪਠਾਣਮਾਜਰਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅੱਜ ਹੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਸੀ। ਜਿਸ ਨੂੰ ਕੁੱਝ ਘੰਟਿਆਂ ਮਗਰੋਂ ਹੀ ਸਪੀਕਰ ਨੇ ਪ੍ਰਵਾਨ ਕਰ ਲਿਆ। ਇਸ ਦੇ ਨਾਲ ਹੀ ਇਹ ਦੋਵੇਂ ਵਿਧਾਨ ਸਭਾ ਦੀਆਂ ਸੀਟਾਂ ਖਾਲ੍ਹੀ ਹੋ ਗਈਆਂ ਹਨ।
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅੱਜ ਹੀ ਕੁੰਵਰ ਵਿਜੇ ਪ੍ਰਤਾਪ, ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਬੀਤੇ ਸਾਲ ਜੂਨ ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ 2024 ਦੌਰਾਨ ਜਲੰਧਰ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਦਿੱਤਾ ਸੀ ਜੋ ਪ੍ਰਵਾਨ ਹੋ ਗਿਆ ਸੀ। ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਪਠਾਣਮਾਜਰਾ ਅਜਿਹੇ ਵਿਧਾਇਕ ਹਨ ਜਿਨ੍ਹਾਂ ਦਾ ਅਸਤੀਫ਼ਾ ਮੌਜੂਦਾ ਸਰਕਾਰ ਵੱਲੋਂ ਪ੍ਰਵਾਨ ਕੀਤਾ ਗਿਆ ਹੈ।
