ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨਾਲ ਰੋਸ
Tuesday, Apr 09, 2019 - 05:21 PM (IST)

ਫਰੀਦਕੋਟ (ਜਗਤਾਰ ਦੁਸਾਂਝ) - ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣੀ ਐੱਸ.ਆਈ.ਟੀ. ਤੋਂ ਕੁੰਵਰ ਵਿਜੇ ਪ੍ਰਤਾਪ ਨੂੰ 'ਸਿੱਟ' ਤੋਂ ਹਟਾ ਦਿੱਤਾ ਹੈ, ਜਿਸ ਦੇ ਸਬੰਧ 'ਚ ਸਿੱਖ ਜਥੇਬੰਦੀਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਸੰਗਤ ਵਲੋਂ ਬਰਗਾੜੀ ਦੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਤੋਂ ਇਕ ਰੋਸ ਮਾਰਚ ਕੱਢਿਆ ਗਿਆ, ਜਿਸ 'ਚ ਉਨ੍ਹਾਂ ਨੇ ਅਕਾਲੀ ਬੀ.ਜੇ.ਪੀ. ਤੇ ਇਲਕੈਸ਼ਨ ਕਮਿਸ਼ਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸਿੱਖ ਸੰਗਤ ਨੇ ਇਸ ਮੌਕੇ ਪ੍ਰਦਰਸ਼ਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਦੀ ਮੁੜ ਤਾਇਨਾਤੀ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ 11 ਅਪ੍ਰੈਲ ਤੱਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਾਇਨਾਤੀ ਮੁੜ ਨਾ ਹੋਈ ਤਾਂ ਸਿੱਖ ਜਥੇਬੰਦੀਆਂ ਵਲੋਂ ਇਲੈਕਸ਼ਨ ਕਮਿਸ਼ਨ ਭਾਰਤ ਸਰਕਾਰ ਦੇ ਦਫਤਰ ਬਾਹਰ ਦਿੱਲੀ 'ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਜਿਥੇ ਸਿੱਖ ਸੰਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਸਿਆਸੀ ਗਲਿਆਰਿਆਂ 'ਚ ਵੀ ਇਹ ਮੁੱਦਾ ਗਰਮਾਇਆ ਹੋਇਆ ਹੈ। ਉਧਰ ਦੂਜੇ ਪਾਸੇ ਵੱਖ-ਵੱਖ ਪਾਰਟੀਆਂ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਗਲਤ ਠਹਿਰਾ ਰਹੇ ਹਨ।