ਕੁੰਵਰ ਵਿਜੇ ਪ੍ਰਤਾਪ ''ਤੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਣਗੇ ਖਹਿਰਾ
Tuesday, Apr 09, 2019 - 06:36 PM (IST)

ਜਲੰਧਰ (ਵੈੱਬ ਡੈਸਕ) : ਸੁਖਪਾਲ ਖਹਿਰਾ ਨੇ ਚੋਣ ਕਮਿਸ਼ਨ ਵਲੋਂ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਸਿੱਟ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਕੀਤੇ ਗਏ ਤਬਦਾਲੇ 'ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਫੈਸਲੇ ਨੂੰ ਗਲਤ ਅਤੇ ਸਿਆਸਤ ਤੋਂ ਪ੍ਰੇਰਤ ਕਰਾਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਇਸ ਗਲਤ ਫੈਸਲੇ ਨੂੰ ਉਹ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਡਰ ਸੀ ਕਿ ਐੱਸ. ਆਈ. ਟੀ. ਦੇ ਹੱਥ, ਉਨ੍ਹਾਂ ਤਕ ਪਹੁੰਚ ਗਏ ਹਨ, ਇਸ ਲਈ ਨਰੇਸ਼ ਗੁਜਰਾਲ ਰਾਹੀਂ ਸੁਖਬੀਰ ਬਾਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਵਾਈ ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਸਿਟ ਦੀ ਜਾਂਚ ਦਾ ਚੋਣ ਜ਼ਾਬਤੇ ਨਾਲ ਕੋਈ ਸੰਬੰਧ ਨਹੀਂ, ਜਦਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਬੰਦ ਕਰਵਾਉਣ ਲਈ ਹੀ ਇਹ ਕੁਝ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਾ ਚਾਹੀਦਾ ਸੀ, ਜੇਕਰ ਪੰਜਾਬ ਸਰਕਾਰ ਨੇ ਆਪਣਾ ਪੱਖ ਸਹੀ ਢੰਗ ਨਾਲ ਰੱਖਿਆ ਹੁੰਦਾ ਤਾਂ ਸ਼ਾਇਦ ਚੋਣ ਕਮਿਸ਼ਨ ਇਹ ਫੈਸਲਾ ਨਾ ਕਰਦਾ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੋਣ ਕਮਿਸ਼ਨ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਜਾਵੇ। ਜੇਕਰ ਕੈਪਟਨ ਅਮਰਿੰਦਰ ਸਿੰਘ ਅਜਿਹਾ ਨਹੀਂ ਕਰਦੇ ਤਾਂ ਸਪੱਸ਼ਟ ਹੋ ਜਾਵੇਗਾ ਕਿ ਬਾਦਲ ਤੇ ਕੈਪਟਨ ਸਰਕਾਰ ਮਿਲੀ ਹੋਈ ਹੈ।