ਮਜ਼ਦੂਰ ਯੂਨੀਅਨ ਵੱਲੋਂ ਲੇਬਰ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ

Wednesday, Jun 21, 2017 - 04:07 AM (IST)

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਅਤੇ ਭਾਰਤੀ ਇਨਕਲਾਬ ਮਾਰਕਸਵਾਦੀ ਪਾਰਟੀ ਵੱਲੋਂ ਲੇਬਰ ਵਿਭਾਗ ਖਿਲਾਫ਼ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 
ਇਸ ਮੌਕੇ ਸੰਬੋਧਨ ਕਰਦਿਆਂ ਕਾ. ਗੰਗਾ ਪ੍ਰਸਾਦ ਸੂਬਾ ਪ੍ਰਧਾਨ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਪ੍ਰਿੰਸੀਪਲ ਪਿਆਰਾ ਸਿੰਘ ਮਾਹਿਲਪੁਰ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਪੰਜਾਬ ਨੈਸ਼ਨਲ ਸੈਂਪਲ ਆਫ ਸਰਵੇ 2011-12 ਅਨੁਸਾਰ ਮਜ਼ਦੂਰਾਂ ਦੀ ਗਿਣਤੀ 13 ਲੱਖ ਸੀ ਅਤੇ ਹੁਣ 15 ਲੱਖ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਸਰਕਾਰਾਂ ਲੋਕਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕਰਦੀਆਂ ਹਨ ਪਰ ਸੱਤਾ 'ਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁਲਾ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ 6 ਲੱਖ ਮਜ਼ਦੂਰਾਂ ਨੂੰ ਹੀ ਰਜਿਸਟਰਡ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਘੱਟ ਹੈ। 
ਉਨ੍ਹਾਂ ਮੰਗ ਕੀਤੀ ਕਿ ਕਿਰਤੀਆਂ ਦੀਆਂ ਲੜਕੀਆਂ ਨੂੰ ਵਿਆਹ ਸਮੇਂ 15 ਹਜ਼ਾਰ ਦੀ ਰਾਸ਼ੀ ਦਿੱਤੀ ਜਾਵੇ, ਪੈਨਸ਼ਨ 4 ਹਜ਼ਾਰ ਰੁਪਏ ਕੀਤੀ ਜਾਵੇ, ਵਿਦਿਆਰਥੀਆਂ ਨੂੰ ਵਜ਼ੀਫ਼ੇ ਦਿੱਤੇ ਜਾਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਬੇਰੋਜ਼ਗਾਰੀ ਨੂੰ ਖਤਮ ਕੀਤਾ ਜਾਵੇ, ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੀ ਪੈਨਸ਼ਨ ਵਧਾਈ ਜਾਵੇ। 
ਰੋਸ ਪ੍ਰਦਰਸ਼ਨ ਦੌਰਾਨ ਤਰਸੇਮ ਲਾਲ, ਨੰਦ ਕਿਸ਼ੋਰ, ਸਰਵਣ ਸਿੰਘ, ਸੁਨੀਤਾ ਰਾਣੀ, ਗੁਰਮੀਤ ਕੌਰ, ਮਾਨ ਸਿੰਘ, ਸੁਖਦੇਵ ਰਾਜ, ਸਤਨਾਮ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ, ਨੰਬਰਦਾਰ ਜੁਗਿੰਦਰ ਸਿੰਘ ਆਦਿ ਹਾਜ਼ਰ ਸਨ।


Related News