ਸੰਗਰੂਰ : CM ਮਾਨ ਦੀ ਕੋਠੀ ਅੱਗੇ ਪੁੱਜਾ ਮਜ਼ਦੂਰਾਂ ਦਾ ਭਾਰੀ ਹਜੂਮ, ਪੁਲਸ ਨੇ ਲਾਠੀਚਾਰਜ ਕਰਕੇ ਖਦੇੜਿਆ

11/30/2022 6:02:11 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਮਜ਼ਦੂਰਾਂ ਦਾ ਕਾਫ਼ਲਾ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਉਣ ਲਈ ਜਿਵੇਂ ਹੀ ਕੋਠੀ ਵੱਲ ਵਧਿਆ ਤਾਂ ਪੁਲਸ ਨੇ ਲਾਠੀਚਾਰਜ ਕਰ ਦਿੱਤਾ। ਜਿਸ ਵਿੱਚ ਕਾਫ਼ੀ ਮਰਦ ਔਰਤਾਂ ਦੇ ਸੱਟਾਂ ਲੱਗੀਆਂ, ਕਈ ਮਜ਼ਦੂਰਾਂ ਦੀਆਂ ਦਸਤਾਰਾਂ ਵੀ ਉੱਤਰੀਆਂ। ਜ਼ਿਕਰਯੋਗ ਹੈ ਕਿ ਮਜ਼ਦੂਰਾਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਦੇ ਠੋਸ ਨਿਪਟਾਰੇ ਲਈ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਉਣ ਭਾਰੀ ਹਜੂਮ ਵਿੱਚ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਇਕੱਠੇ ਹੋਏ ਸਨ।

ਇਹ ਵੀ ਪੜ੍ਹੋ- ਫਰੀਦਕੋਟ ਦੇ ਮਹਾਰਾਜਾ ਦੀ ਜਾਇਦਾਦ ਨੂੰ ਆਪਣੇ ਕਬਜ਼ੇ 'ਚ ਲਵੇਗੀ ਸਰਕਾਰ! ਸ਼ੁਰੂ ਹੋਈ ਕਾਰਵਾਈ

ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਮੋਰਚੇ ਵਿੱਚ ਸ਼ਾਮਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਆਗੂ ਮੱਖਣ ਸਿੰਘ ਰਾਮਗੜ੍ਹ,ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਆਗੂ ਭੂਪ ਚੰਦ ਚੰਨੋਂ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਨੰਦਗੜ੍ਹ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਨੀਤੀਆਂ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਜਾਤ-ਪਾਤੀ ਵਿਤਕਰੇਬਾਜ਼ੀ ਕਾਰਨ ਹੀ ਮੰਨੀਆਂ ਮਜ਼ਦੂਰ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਭਖਦੀਆਂ ਮਜ਼ਦੂਰ ਮੰਗਾਂ ਨੂੰ ਹੱਲ ਕਰਨ ਲਈ ਤਿਆਰ ਨਹੀਂ।

PunjabKesari

ਇਸ ਮੌਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਕਸ਼ਮੀਰ ਸਿੰਘ ਘੁੱਗਸ਼ੋਰ, ਜ਼ੋਰਾ ਸਿੰਘ ਨਸਰਾਲੀ, ਕ੍ਰਿਸ਼ਨ ਚੌਹਾਨ, ਪਰਮਜੀਤ ਮੁਦਕੀ,ਬਿੱਕਰ ਸਿੰਘ ਹਥੋਆਂ, ਪ੍ਰਗਟ ਸਿੰਘ ਕਾਲਾਝਾੜ,ਮਿੱਠੂ ਸਿੰਘ ਕੁੱਦਾ, ਪਰਮਜੀਤ ਕੌਰ ਲੌਂਗੋਵਾਲ,ਦੇਵੀ ਕੁਮਾਰੀ, ਹਰਭਗਵਾਨ ਸਿੰਘ ਮੂਨਕ,ਧਰਮਵੀਰ ਹਰੀਗੜ੍ਹ,ਲਾਲ ਸਿੰਘ ਧਨੌਲਾ, ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਮੀਟਿੰਗ 'ਚ ਮੰਨੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਨ ਕੋਈ ਅਮਲ ਨਾ ਕੀਤਾ ਗਿਆ। ਜਿਸ ਕਾਰਨ ਮਜ਼ਦੂਰ ਵਰਗ 'ਚ 'ਆਪ' ਸਰਕਾਰ ਅਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮਜੀਠੀਆ ਨੇ ਮੰਤਰੀ ਅਨਮੋਲ ਗਗਨ ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਸਵੀਰ ਸਾਂਝੀ ਕਰ ਚੁੱਕੇ ਵੱਡੇ ਸਵਾਲ

ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਾਰੰਟੀ ਤੇ ਦਿਹਾੜੀ 700 ਰੁਪਏ ਕੀਤੀ ਜਾਵੇ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦਿੱਤੀਆਂ ਜਾਣ ਤੇ ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦਲਿਤਾਂ ਨੂੰ ਦਿੱਤੇ ਜਾਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦਿੱਤਾ ਜਾਵੇ,ਬੇਘਰਿਆਂ ਤੇ ਲੋੜਵੰਦਾਂ ਪਲਾਟ ਦਿੱਤੇ ਜਾਣ, ਅਲਾਟ ਪਲਾਟਾਂ ਦੇ ਕਬਜ਼ੇ ਦਿੱਤੇ ਜਾਣ, ਕਰਜ਼ੇ ਮੁਆਫ਼ ਕੀਤੇ ਜਾਣ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਬੁਢਾਪਾ,ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕੀਤੇ ਜਾਣ,ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਈ ਜਾਵੇ ਅਤੇ ਦਲਿਤਾਂ 'ਤੇ ਜ਼ਬਰ ਬੰਦ ਕੀਤਾ ਜਾਵੇ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕੀਤੇ ਜਾਣ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News