ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ 'ਚ ਹੋਵੇਗਾ ਹੋਰ ਮਜ਼ਬੂਤ : ਲੌਂਗੋਵਾਲ

01/20/2020 4:31:45 PM

ਲਹਿਰਾਗਾਗਾ (ਜਿੰਦਲ, ਰਾਜੇਸ਼) : ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗਾ, ਸੂਬੇ ਦੇ ਲੋਕ ਅੱਜ ਵੀ ਸੁਖਬੀਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲਾਗਲੇ ਪਿੰਡ ਸੰਗਤਪੁਰਾ ਵਿਖੇ ਤੀਜੇ ਪਿਆਰੇ ਭਾਈ ਹਿੰਮਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਤੀਜੇ ਪਿਆਰੇ ਭਾਈ ਹਿੰੰਮਤ ਸਿੰਘ ਇਕ ਮਹਾਨ ਯੋਧੇ ਹੋਏ ਹਨ ਅਤੇ ਪੰਜ ਪਿਆਰਿਆਂ ਚੋਂ ਇਕ ਸਨ।

ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਸੰਗਰੂਰ ਵਿਖੇ ਰੱਖੀ ਰੈਲੀ ਸਾਰੇ ਰਿਕਾਰਡ ਤੋੜ ਦੇਵੇਗੀ। ਇਸ ਮੌਕੇ ਉਨ੍ਹਾਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਸਿਆਸਤ ਵਿਚ ਹਿੱਸਾ ਲੈਣ ਦੇ ਚੁੱਕੇ ਸਵਾਲ 'ਤੇ ਕਿਹਾ ਕਿ ਸਮੇਂ ਸਮੇਂ 'ਤੇ ਜੋ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ ਉਹ ਸਿਆਸਤ ਵਿਚ ਵੀ ਸਰਗਰਮ ਰਹੇ ਹਨ। ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਢੀਂਡਸਾ ਪਰਿਵਾਰ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੀ ਫਰਕ ਪਏਗਾ, ਇਸ 'ਤੇ ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਦੇ ਬਾਗੀ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਏਗਾ। ਸਗੋਂ ਸ਼੍ਰ੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚੋਂ ਹੋਰ ਵੀ ਮਜ਼ਬੂਤ ਹੋਵੇਗਾ। ਇਸ ਮੌਕੇ ਉਨ੍ਹਾਂ ਤੀਜਾ ਪਿਆਰਾ ਭਾਈ ਹਿੰਮਤ ਸਿੰਘ ਜੀ ਦੀ ਯਾਦਗਾਰ ਬਣਾਉਣ ਲਈ 3 ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਇੰਦਰਮੋਹਨ ਸਿੰਘ ਲਖਮੀਰਵਾਲਾ ਅੰਤ੍ਰਿੰਗ ਕਮੇਟੀ ਮੈਬਰ, ਪੀ.ਆਰ ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਪਿਸ਼ੋਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


cherry

Content Editor

Related News