ਲਖੀਮਪੁਰ ਖੀਰੀ ਘਟਨਾ, ਮਾਨਸਾ ’ਚ ‘ਆਪ’ ਦਾ ਯੋਗੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ
Tuesday, Oct 05, 2021 - 12:19 PM (IST)
ਮਾਨਸਾ (ਅਮਰਜੀਤ) : ਲਖੀਮਪੁਰ ਖੀਰੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਭਾਜਪਾ ਨੇਤਾ ਦੇ ਬੇਟੇ ਵਲੋਂ ਗੱਡੀ ਚੜ੍ਹਾ ਕੇ ਕਿਸਾਨਾਂ ਨੂੰ ਦਰੜ ਕੇ ਮਾਰ ਦੇਣ ਦੀ ਘਟਨਾ ਕਾਰਨ ਪੂਰੇ ਦੇਸ਼ ਵਿਚ ਭਾਜਪਾ ਅਤੇ ਯੂਪੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਮਾਨਸਾ ਵਿਚ ਆਮ ਆਦਮੀ ਪਾਰਟੀ ਵੱਲੋਂ ਯੂ. ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਕੇ ਬੱਸ ਸਟੈਂਡ ਚੌਕ ਵਿਚ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਚੱਲ ਰਿਹਾ ਹੈ ਪਰ ਯੂ. ਪੀ. ਸਰਕਾਰ ਇਸ ਅੰਦੋਲਨ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦੇ ਹਰ ਸੰਘਰਸ਼ ਵਿਚ ਆਮ ਆਦਮੀ ਪਾਰਟੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪ੍ਰਦਰਸ਼ਨ ਕਰਦੀ ਰਹੇਗੀ।
ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਹਲਕਾ ਇੰਚਾਰਜ ਡਾ. ਵਿਜੇ ਸਿੰਗਲਾ ਗੁਰਪ੍ਰੀਤ ਸਿੰਘ ਭੁੱਚਰ ਅਤੇ ਕੀਰਤਪਾਲ ਸਿੰਘ ਕਿਰਤੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਪਰ ਭਾਜਪਾ ਆਗੂ ਦੇ ਪੁੱਤਰ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਉਪਰ ਗੱਡੀ ਚੜ੍ਹਾ ਕੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ, ਜਿਸ ਕਾਰਨ ਕਈ ਕਿਸਾਨ ਸ਼ਹੀਦ ਹੋ ਗਏ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਹੱਥਕੰਡੇ ਅਪਣਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਕਿਸਾਨਾਂ ਦੀ ਆਵਾਜ਼ ਦਿਨੋਂ-ਦਿਨ ਬੁਲੰਦ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਸੰਘਰਸ਼ ਵਿਚ ਇਸੇ ਤਰ੍ਹਾਂ ਮੋਹਰੀ ਰੋਲ ਅਦਾ ਕਰਦੀ ਰਹੇਗੀ।