ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਡੀ. ਸੀ. ਦਫਤਰ

Tuesday, Oct 26, 2021 - 12:52 PM (IST)

ਪਟਿਆਲਾ (ਬਲਜਿੰਦਰ ਪੰਜੌਲਾ) : ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਵੱਲੋਂ ਦਿੱਤਾ ਗਿਆ ਧਰਨਾ ਲਖੀਮਪੁਰ ਖੀਰੀ ਹਿੰਸਕ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਮੰਗ ਕਰਨ ਲਈ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਲੰਮੇ ਸਮੇਂ ਤੋਂ ਡੀ. ਏ. ਪੀ. ਖਾਦ ਵਿਚ ਆ ਰਹੀ ਘਾਟ ਨੂੰ ਲੈ ਕੇ ਵੀ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਡੀਏਪੀ ਖਾਦ ਪ੍ਰਾਪਤ ਨਹੀਂ ਹੋ ਰਹੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖੁਆਰ ਹੋਣਾ ਪਿਆ ਹੈ।

ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਲਦ ਤੋਂ ਜਲਦ ਕਿਸਾਨਾਂ ਨੂੰ ਡੀਏਪੀ ਖਾਦ ਪ੍ਰਾਪਤ ਕਰਾਉਣੀ ਚਾਹੀਦੀ ਹੈ। ਦੂਜੇ ਪਾਸੇ ਉਨ੍ਹਾਂ ਕਿਹਾ ਕਿ ਲਖੀਮਪੁਰ ਘਟਨਾ ਨੂੰ ਵਾਪਰਿਆਂ ਕਾਫੀ ਸਮਾਂ ਹੋ ਚੁੱਕਾ ਹੈ ਅੱਜ ਫਿਰ ਵੀ ਪੀੜਤ ਪਰਿਵਾਰ ਇਨਸਾਫ ਨੂੰ ਤਰਸ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਜਲਦ ਤੋਂ ਜਲਦ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।


Gurminder Singh

Content Editor

Related News