ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ ਹੋਵੇ ਸਖ਼ਤ ਕਾਰਵਾਈ : CM ਚੰਨੀ

10/03/2021 8:40:54 PM

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ’ਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਹੈ, ਜਿਸ ’ਚ ਕਥਿਤ ਤੌਰ ’ਤੇ ਇਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ, ਜੋ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ ਸਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ’ਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖ਼ਮੀ ਹੋ ਗਏ। ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ’ਚ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਉਪ ਮੁੱਖ ਮੰਤਰੀ ਸੁਖਜਿੰਦਰ ਅਤੇ ਵਿਧਾਇਕ ਕੁਲਜੀਤ ਨਾਗਰਾ ਨੂੰ ਵੀ ਸਥਿਤੀ ਦਾ ਪਤਾ ਲਗਾਉਣ ਅਤੇ ਦੁਖੀ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਭੇਜਾਂਗਾ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਕੱਲ DC ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ

ਉਨ੍ਹਾਂ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ’ਚ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਣ।

Manoj

This news is Content Editor Manoj