ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ : ਲਾਲ ਚੰਦ ਕਟਾਰੂਚੱਕ
Friday, Mar 25, 2022 - 05:19 PM (IST)
ਚੰਡੀਗੜ੍ਹ : ਸੂਬੇ ਵਿੱਚ ਆਉਂਦੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖ਼ਰੀਦ ਨਾਲ ਜੁੜੇ ਹਰ ਵਰਗ ਖ਼ਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।
ਅੱਜ ਇੱਥੇ ਇਕ ਬਿਆਨ ਵਿੱਚ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਖ਼ਰੀਦ ਸੀਜ਼ਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ। ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ।
ਕਿਸਾਨ ਭਾਈਚਾਰੇ ਨੂੰ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰ 'ਤੇ ਤਾਇਨਾਤ ਅਫ਼ਸਰਾਂ ਕੋਲ ਪਹੁੰਚ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਮੰਤਰੀ ਵੱਲੋਂ ਵਿਸ਼ੇਸ਼ ਤੌਰ ਉੱਤੇ ਹੁਕਮ ਜਾਰੀ ਕੀਤੇ ਗਏ ਹਨ ਕਿ ਖ਼ਰੀਦ ਸਬੰਧੀ ਪੇਸ਼ ਆਉਂਦੀਆਂ ਮੁਸ਼ਕਿਲਾਂ ਦੀ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।