''ਲਾਲੀ ਮਜੀਠੀਆ'' ਨੇ ''ਪਨਗ੍ਰੇਨ'' ਦੇ ਚੇਅਰਮੈਨ ਵੱਜੋਂ ਸੰਭਾਲਿਆ ਕਾਰਜਭਾਰ

Friday, Jun 18, 2021 - 04:22 PM (IST)

''ਲਾਲੀ ਮਜੀਠੀਆ'' ਨੇ ''ਪਨਗ੍ਰੇਨ'' ਦੇ ਚੇਅਰਮੈਨ ਵੱਜੋਂ ਸੰਭਾਲਿਆ ਕਾਰਜਭਾਰ

ਚੰਡੀਗੜ੍ਹ : ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਓ. ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸ਼ਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲ ਲਈ।

ਇਸ ਮੌਕੇ  ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇੱਕ ਹੋਰ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ। ਆਪਣੇ ਸਮਰਥਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਥੇ ਅਨਾਜ ਭਵਨ ਵਿਖੇ ਕਾਰਜਭਾਰ ਸੰਭਾਲਦਿਆਂ ਲਾਲੀ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਲਾਲੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਪ੍ਰੈਲ, 2017 ਵਿਚ ਸੱਤਾ ਸੰਭਾਲਣ ਉਪਰੰਤ ਪਿਛਲੀਆਂ 9 ਫ਼ਸਲਾਂ ਦੀ ਨਿਰਵਿਘਨ ਖ਼ਰੀਦ ਸਬੰਧੀ ਵਿਭਾਗ ਦੇ ਸ਼ਾਨਦਾਰ ਯੋਗਦਾਨ ਦਾ ਸਿਹਰਾ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਨੂੰ ਜਾਂਦਾ ਹੈ, ਜੋ ਸਾਡੇ ਲਈ ਪ੍ਰੇਰਣਾਸ੍ਰੋਤ ਹੈ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਦੀ ਤਰਫੋਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਅਤੇ ਸਮਰਥਨ ਦਿੱਤਾ।

ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ਼ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਲਾਲੀ ਮਜੀਠੀਆ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਅੰਨਦਾਤਿਆਂ ਨੂੰ ਇਨ੍ਹਾਂ ਗੈਰ ਸੰਵਿਧਾਨਕ ਅਤੇ ਗੈਰ ਜ਼ਮਹੂਰੀ ਕਾਨੂੰਨਾਂ ਖ਼ਿਲਾਫ਼ ਸੱਚੀ ਲੜਾਈ ਵਿਚ ਸਮਰਥਨ ਦੇਣ ਲਈ ਹਮੇਸ਼ਾ ਮੋਹਰੀ ਰਹੀ ਹੈ। ਦੱਸਣਯੋਗ ਹੈ ਕਿ ਵਾਈ. ਐਸ. ਰੱਤੜਾ (ਸਾਬਕਾ ਮੁੱਖ ਸਕੱਤਰ ਪੰਜਾਬ) ਦੇ ਦਿਹਾਂਤ ਉਪਰੰਤ ਅਹੁਦਾ ਖ਼ਾਲੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਲਾਲੀ ਮਜੀਠੀਆ ਨੂੰ ਪਿਛਲੇ ਹਫ਼ਤੇ 12 ਜੂਨ ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ। 
 


author

Babita

Content Editor

Related News