ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ : ਲਾਲਜੀਤ ਭੁੱਲਰ
Friday, Sep 13, 2024 - 04:55 PM (IST)
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ।
ਫਰਜ਼ੀ ਕੇਸਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਾਉਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਫਿਟਕਾਰ ਹੈ, ਜੋ ਬੇਬੁਨਿਆਦ ਦੋਸ਼ ਲਾ ਕੇ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭੁੱਲਰ ਨੇ ਕੇਜਰੀਵਾਲ ਅਤੇ 'ਆਪ' ਨੂੰ ਇਸ ਸ਼ਾਨਦਾਰ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਭੈਅ ਜਾਂ ਧਮਕੀਆਂ ਤੋਂ ਨਿਡਰ ਹੋ ਕੇ ਲੋਕਾਂ ਲਈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।