ਦੋ ਨੌਜਵਾਨਾਂ ਦੀ ਮੌਤ ਲਈ ਰੇਤ ਮਾਫੀਆ ਜ਼ਿੰਮੇਵਾਰ : ਅਕਾਲੀ ਦਲ

12/27/2019 2:35:54 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਲਗਾਤਾਰ ਸੂਬੇ ਦੇ ਕੀਮਤੀ ਸਰੋਤਾਂ ਨੂੰ ਲੁੱਟ ਰਹੇ ਰੇਤ ਮਾਫੀਆ ਨੇ ਬੀਤੇ ਕੱਲ ਸੂਬੇ ਦੇ 2 ਨੌਜਵਾਨਾਂ ਦੀ ਜਾਨ ਲੈ ਲਈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਦੀ ਸ਼ਰੇਆਮ ਹੋ ਰਹੀ ਲੁੱਟ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਅਤੇ ਸੂਬੇ ਅੰਦਰ ਰੇਤ ਮਾਫੀਆ ਵਅਲੋਂ ਬੇਰੋਕ ਕੀਤੀ ਜਾ ਰਹੀ ਗੈਰ-ਕਾਨੂੰਨੀ ਰੇਤ ਮਾਈਨਿੰਗ ਕਾਰਨ 2 ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਸੂਬਾ ਸਰਕਾਰ 'ਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਕੋਈ ਪਹਿਲੀ ਮੰਦਭਾਗੀ ਘਟਨਾ ਨਹੀਂ ਹੈ। ਪਿਛਲੇ ਕਈ ਮਹੀਨਿਆਂ ਦੌਰਾਨ ਇਸ ਇਲਾਕੇ ਦੇ ਕਈ ਨਾਗਰਿਕ ਰੇਤ ਮਾਫੀਆ ਦੀ ਹਿੰਸਾ ਦਾ ਸ਼ਿਕਾਰ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਇਸ ਇਲਾਕੇ ਦੇ ਮਾਈਨਿੰਗ ਠੇਕੇਦਾਰ ਅਤੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ ਧਾਰਾ 302 ਹੇਠ ਕੇਸ ਦਰਜ ਕਰਨ ਲਈ ਆਖਿਆ ਹੈ, ਜਿਹੜੇ ਕਿ ਰੇਤ ਮਾਫੀਆ ਨਾਲ ਪੂਰੀ ਤਰ੍ਹਾਂ ਮਿਲੇ ਹੋਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰੇਤ ਮਾਫੀਆ ਵਲੋਂ ਸਰਕਾਰ ਨੂੰ 150 ਕਰੋੜ ਰੁਪਏ ਦਾ ਚੂਨਾ ਲਾਇਆ ਜਾ ਚੁੱਕਾ ਹੈ ਅਤੇ ਵਿੱਤ ਮੰਤਰੀ ਇਹ ਰੋਣਾ ਰੋ ਰਿਹਾ ਹੈ ਕਿ ਸਰਕਾਰੀ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਰੇਆਮ ਹੋ ਰਹੀ ਲੁੱਟ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ? ਅਕਾਲੀ ਆਗੂ ਨੇ ਕਿਹਾ ਕਿ ਗੈਰ-ਕਾਨੂੰਨੀ ਰੇਤ ਮਾਫੀਆ ਖ਼ਿਲਾਫ ਕਾਰਵਾਈ ਨਾ ਕਰ ਕੇ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸੂਬੇ ਨੂੰ ਹੋਰ ਡੂੰਘੇ ਆਰਥਿਕ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰੇਤੇ ਦੀ ਹੋ ਰਹੀ ਇਸ ਲੁੱਟ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕਰਦੇ ਹਾਂ ਕਿਉਂਕਿ 5 ਦਰਿਆਵਾਂ ਦੀ ਇਸ ਖੂਬਸੂਰਤ ਧਰਤੀ ਦੇ ਜਲਵਾਯੂ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੁਟੇਰਿਆਂ ਵਾਲੀ ਮਾਨਸਿਕਤਾ ਰੱਖਣ ਵਾਲੀ ਪਾਰਟੀ ਹੈ, ਜਿਸ ਦਾ ਲਾਲਚ ਸਾਡੀ ਧਰਤੀ ਨੂੰ ਤਬਾਹ ਕਰ ਰਿਹਾ ਹੈ।

Anuradha

This news is Content Editor Anuradha