ਅਕਾਲੀਆਂ ਦੇ ਮਾੜੇ ਸ਼ਾਸਨ ਕਾਰਨ ਤਨਖਾਹ ਦੇ ਭੁਗਤਾਨ ਵਿਚ ਦੇਰੀ : ਅਮਰਿੰਦਰ

Saturday, Sep 09, 2017 - 07:17 AM (IST)

ਅਕਾਲੀਆਂ ਦੇ ਮਾੜੇ ਸ਼ਾਸਨ ਕਾਰਨ ਤਨਖਾਹ ਦੇ ਭੁਗਤਾਨ ਵਿਚ ਦੇਰੀ : ਅਮਰਿੰਦਰ

ਜਲੰਧਰ  (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਲੋਕ ਵਿਰੋਧੀ ਏਜੰਡਾ ਅਪਣਾਉਣ ਤੇ ਨਾਂਹ-ਪੱਖੀ ਸਿਆਸਤ ਕਰਨ ਦਾ ਦੋਸ਼ ਲਗਾਉਂਦਿਆਂ ਸੂਬੇ ਵਿਚ ਮਾਲੀ ਸੰਕਟ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਸਾਬਕਾ ਅਕਾਲੀ-ਭਾਜਪਾ ਸਰਕਾਰ ਦੀਆਂ ਭ੍ਰਿਸ਼ਟ ਤੇ ਲੋਕ ਵਿਰੋਧੀ ਨੀਤੀਆਂ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕੋਲੋਂ ਜੀ. ਐੱਸ. ਟੀ. ਦਾ ਹਿੱਸਾ ਮਿਲਣ ਵਿਚ ਹੋਈ ਦੇਰ ਕਾਰਨ ਸਰਕਾਰੀ ਕਰਮਚਾਰੀਆਂ ਨੂੰ ਇਸ ਮਹੀਨੇ ਤਨਖਾਹ ਦੇਣ ਵਿਚ ਦੇਰ ਹੋਈ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ ਤੇ ਪਿਛਲੇ 1 ਦਹਾਕੇ ਤੱਕ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਵਿਦੇਸ਼ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿਚ ਠੋਸ ਕਦਮ ਚੁੱਕਦਿਆਂ ਪੰਜਾਬ ਨੂੰ ਪੱਟੜੀ 'ਤੇ ਲਿਆਉਣ ਦੇ ਯਤਨ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਾਂਗਰਸ ਚੋਣ ਮੈਨੀਫੈਸਟੋ ਵਿਚ ਕੀਤੇ ਕਈ ਵਾਅਦਿਆਂ ਨੂੰ ਲਾਗੂ ਕਰ ਦਿੱਤਾ ਹੈ, ਜਦਕਿ ਸੂਬਾ ਭਾਰੀ ਵਿੱਤੀ ਸੰਕਟ ਵਿਚੋਂ ਲੰਘ ਰਿਹਾ ਹੈ। ਕਾਂਗਰਸ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਦੁਬਾਰਾ ਚਾਲੂ ਕੀਤਾ ਤੇ ਸੂਬੇ ਵਿਚ ਨਸ਼ਿਆਂ ਨੂੰ ਪੂਰੀ ਤਰ੍ਹਾਂ ਠੱਲ ਪਾ ਕੇ ਪੰਜਾਬ ਨੂੰ ਉਦਯੋਗਿਕ ਵਿਕਾਸ ਵੱਲ ਤੋਰਿਆ। ਉਨ੍ਹਾਂ ਕਿਹਾ ਕਿ ਸੁਖਬੀਰ ਜਨਤਾ ਦਾ ਧਿਆਨ ਭਟਕਾਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਆਪਣਾ ਸਿਆਸੀ ਏਜੰਡਾ ਪੂਰਾ ਕਰਨ ਲਈ ਉਹ ਕਿਸਾਨਾਂ ਦੀ ਜ਼ਿੰਦਗੀ ਨੂੰ ਦਾਅ 'ਤੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਬਾਦਲਾਂ ਦੇ ਰਾਜ ਵਿਚ ਨਸ਼ਿਆਂ ਵਿਚ ਫਸੇ ਰਹੇ ਤੇ ਉਨ੍ਹਾਂ ਨੂੰ ਰੋਜ਼ਗਾਰ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਤਬਾਹਕਾਰੀ ਸਿਆਸਤ ਕੀਤੀ ਤੇ ਕਦੀ ਵੀ ਪੰਜਾਬ ਦੇ ਹਿੱਤਾਂ ਲਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਛੋਟੇ ਕਿਸਾਨਾਂ ਦੇ ਕਰਜ਼ਿਆਂ ਨੂੰ ਮਾਫ ਕਰਨ ਦੀ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਜਦਕਿ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਰਸਤਾ ਖੋਲ੍ਹਿਆ ਹੈ।


Related News