ਪੰਜਾਬ ਰੋਡਵੇਜ਼ ਦੀ ਬੱਸ ''ਤੇ ਗੋਲੀਆਂ ਚਲਾਉਣ ਦੇ ਮਾਮਲੇ ''ਚ ਤਾਜ਼ਾ ਅਪਡੇਟ
Thursday, Dec 04, 2025 - 10:59 AM (IST)
ਫਿਰੋਜ਼ਪੁਰ (ਖੁੱਲਰ) : ਇੱਥੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਜੰਗਾ ਵਾਲਾ ਮੋੜ ਕੋਲ ਪੰਜਾਬ ਰੋਡਵੇਜ਼ ਦੀ ਬੱਸ ’ਤੇ 3 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੇ ਮਾਮਲੇ 'ਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਉਕਤ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਪਿੰਡ ਕੋਹਾਲਾ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਦੀ ਬੱਸ ’ਤੇ ਕੰਡਕਟਰ ਹੈ ਅਤੇ ਬੱਸ ’ਤੇ ਫਿਰੋਜ਼ਪੁਰ ਤੋਂ ਸ੍ਰੀ ਗੰਗਾਨਗਰ ਜਾ ਰਿਹਾ ਸੀ।
ਜਦ ਬੱਸ ਜੰਗਾ ਵਾਲਾ ਮੋੜ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਕਰੀਬ ਸ਼ਾਮ 5.35 ਵਜੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਆਏ ਅਤੇ ਸਭ ਤੋਂ ਪਿੱਛੇ ਬੈਠੇ ਵਿਅਕਤੀ ਨੇ ਬੱਸ ਡਰਾਈਵਰ 'ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ, ਜੋ ਬੱਸ ’ਤੇ ਲੱਗੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
