ਪੰਜਾਬ ''ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ
Wednesday, Oct 21, 2026 - 05:05 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਪੂਰੇ ਸੂਬੇ 'ਚ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼/ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਇਨ੍ਹਾਂ ਨੂੰ ਲਾਗੂ ਕਰਨ ਸਬੰਧੀ ਕੋਈ ਠੋਸ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਮੁਲਾਜ਼ਮਾਂ 'ਚ ਰੋਸ ਵੱਧ ਰਿਹਾ ਹੈ। ਜੱਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਲਿਖ਼ਤੀ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਇਹ ਜਾਣਕਾਰੀ ਪੰਜਾਬ ਰੋਡਵੇਜ਼/ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ 'ਚ ਪੀ. ਆਰ. ਟੀ. ਸੀ. ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਨਹੀਂ ਹੋਏ। ਇਸ ਦੇ ਬਾਵਜੂਦ ਜੱਥੇਬੰਦੀ ਵੱਲੋਂ ਮੀਟਿੰਗ 'ਚ ਸਰਕਾਰ ਦੇ ਨੁਮਾਇੰਦਿਆਂ ਸਾਹਮਣੇ ਆਪਣੀਆਂ ਮੰਗਾਂ ਸਪੱਸ਼ਟ ਤੌਰ ’ਤੇ ਰੱਖੀਆਂ ਗਈਆਂ ਅਤੇ ਪਹਿਲਾਂ ਕੀਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
ਰੇਸ਼ਮ ਸਿੰਘ ਗਿੱਲ ਅਨੁਸਾਰ ਮੀਟਿੰਗ 'ਚ ਟਰਾਂਸਪੋਰਟ ਮੰਤਰੀ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਸਕੱਤਰ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਜੱਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਸਿਰਫ਼ ਮੌਖਿਕ ਭਰੋਸੇ ਦੇਣ ਦੀ ਬਜਾਏ ਸਾਰੇ ਫ਼ੈਸਲਿਆਂ ਨੂੰ ਲਿਖ਼ਤੀ ਰੂਪ 'ਚ ਜਾਰੀ ਕਰੇ, ਤਾਂ ਜੋ ਮੁਲਾਜ਼ਮਾਂ ਨੂੰ ਆਪਣੀਆਂ ਸੇਵਾਵਾਂ ਅਤੇ ਭਵਿੱਖ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇ। ਜੱਥੇਬੰਦੀ ਵੱਲੋਂ ਸੰਘਰਸ਼ ਨੂੰ ਅਗਲੇ ਪੜਾਅ ’ਤੇ ਲਿਜਾਂਦਿਆਂ 22 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸਹਿਯੋਗ ਨਾਲ ਦਿੜਬਾ 'ਚ ਟਰਾਂਸਪੋਰਟ ਮੰਤਰੀ ਦੇ ਹਲਕੇ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
