PU ਸੈਨੇਟ ਚੋਣਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਨਿੰਦਣਯੋਗ : ਐਡਵੋਕੇਟ ਧਾਮੀ

Wednesday, Nov 13, 2024 - 08:46 PM (IST)

ਜੈਤੋ (ਰਘੂਨੰਦਨ ਪਰਾਸ਼ਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਚ ਜਮਹੂਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਚੋਣਾਂ ਦੀ ਮੰਗ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਚੰਡੀਗੜ੍ਹ ਪੁਲਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ, ਜੋ ਕਿ ਪੰਜਾਬ ਦੇ ਹੱਕਾਂ ਤੇ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਦੇ ਵਿਰੁੱਧ ਹੈ।

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਵੀ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ’ਚ ਫੇਲ੍ਹ ਕਰਾਰ ਦਿੱਤਾ ਹੈ, ਕਿਉਂਕਿ ਪੰਜਾਬ ਸਰਕਾਰ ਵੀ ਕੇਂਦਰ ਨਾਲ ਸਾਜ਼ਿਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਅਨੁਸਾਰ ਜਲਦ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।


Inder Prajapati

Content Editor

Related News