ਪੰਜਾਬ ਚ ਅਮਨ-ਕਾਨੂੰਨ ਦੀ ਸਥਿਤੀ ਬਦਤਰ - ਕੇਂਦਰੀ ਮੰਤਰੀ ਸ਼ੇਖਾਵਤ
Thursday, Jun 02, 2022 - 05:12 PM (IST)
ਤਲਵੰਡੀ ਸਾਬੋ (ਮੁਨੀਸ਼): ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਗਈ ਹੈ। ਸ਼ਰੇਆਮ ਕਤਲ ਆਦਿ ਦੀਆਂ ਵਾਰਦਾਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਇੱਥੇ ਭਾਜਪਾ ਦੇ ਸੀਨੀਅਰ ਆਗੂ ਰਵੀਪ੍ਰੀਤ ਸਿੰਘ ਸਿੱਧੂ ਦੇ ਘਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਕਾਂਸਟੇਬਲ ਭਰਤੀ ਲਈ ਚੁਣੀਆਂ ਉਮੀਦਵਾਰ ਕੁੜੀਆਂ ਦਾ ਸਬਰ ਦਾ ਬੰਨ੍ਹ ਟੁੱਟਾ, ਟੈਂਕੀ 'ਤੇ ਚੜ੍ਹ ਕੀਤਾ ਪ੍ਰਦਰਸ਼ਨ
ਕੇਂਦਰੀ ਮੰਤਰੀ ਸ਼ੇਖਾਵਤ ਜੋ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਤੇ ਦੁੱਖ ਪ੍ਰਗਟ ਕਰਨ ਮੂਸੇ ਪਿੰਡ ਪੁੱਜੇ ਸਨ ਜਿਸ ਤੋਂ ਬਾਅਦ ਉਹ ਤਲਵੰਡੀ ਸਾਬੋ ਵੀ ਗਏ। ਰਵੀਪ੍ਰੀਤ ਸਿੰਘ ਸਿੱਧੂ ਦੇ ਘਰ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਨਾ ਕੇਵਲ ਪੰਜਾਬ ਸਗੋਂ ਦੇਸ਼-ਵਿਦੇਸ਼ ਵਿਚ ਪੰਜਾਬੀ ਗਾਇਕੀ ਨੂੰ ਪਿਆਰ ਕਰਨ ਵਾਲਿਆਂ ਨੂੰ ਵੱਡਾ ਸਦਮਾ ਪੁਹੰਚਿਆ ਹੈ। ਉਨ੍ਹਾਂ ਕਿਹਾ ਕਿ ਉਹ ਸਮੁੱਚੇ ਮਾਮਲੇ ਤੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਣਗੇ ਤਾਂ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਉਣ ਦੀ ਕੋਸ਼ਿਸ ਹੋ ਸਕੇ।
ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦੇ ਨਾਂ 'ਤੇ 2 ਭੈਣਾਂ ਦੇ ਕੀਤੇ ਕਾਰੇ ਨੂੰ ਜਾਣ ਹੋਵੇਗੀ ਹੈਰਾਨੀ, ਠੱਗੇ 76 ਲੱਖ, ਇੰਝ ਖੁੱਲ੍ਹਿਆ ਭੇਤ
ਇਸ ਮੌਕੇ ਸ੍ਰੀ ਸ਼ੇਖਾਵਤ ਨੇ ਕਿਹਾ ਕਿ ਦੇਸ਼ ਦੇ ਹਰ ਵਰਗ ਦੇ ਲੋਕ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਦੌਰਾਨ ਦੇਸ਼ ਦੀ ਜੀ.ਡੀ.ਪੀ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿਚ ਮੌਜੂਦਾ ਸਰਕਾਰ ਵੱਲੋਂ ਕਈ ਕੇਂਦਰੀ ਯੋਜਨਾਵਾਂ ਨੂੰ ਨਿਰਪੱਖ ਢੰਗ ਨਾਲ ਲਾਗੂ ਨਾ ਕਰਨ ਦੇ ਮਸਲੇ ਤੋਂ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ। ਜਿੰਨ੍ਹਾਂ ਨੇ ਇਹ ਮਾਮਲਾ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਕੋਲ ਉਠਾ ਕੇ ਹੱਲ ਦਾ ਭਰੋਸਾ ਦਿੱਤਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।