ਕਾਨੂੰਨ ਤੋਂ ਉੱਪਰ ਕੋਈ ਨਹੀਂ, ਮੁੱਖ ਸਕੱਤਰ ਨੂੰ ਵਜੀਫਾ ਘਪਲੇ ਦੀ ਡੂੰਘਾਈ ਨਾਲ ਜਾਂਚ ਕਰਨ ਨੂੰ ਕਿਹਾ: ਕੈਪਟਨ

08/30/2020 6:27:00 PM

ਚੰਡੀਗੜ੍ਹ (ਅਸ਼ਵਨੀ):  ਵਜੀਫਾ ਘਪਲੇ 'ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਕਸੂਰਵਾਰ ਨੂੰ ਨਾ ਬਖਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਇਸ ਨੂੰ ਅੰਤਿਮ ਨਤੀਜੇ ਤੱਕ ਲਿਜਾਣ ਦੀ ਕੋਸ਼ਿਸ਼ ਕਰਨ।  ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਦੇਖਣਗੇ ਅਤੇ ਕੋਈ ਵੀ ਜੋ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਾਨੂੰਨ ਵਿਵਸਥਾ ਅਨੁਸਾਰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਕਿਹੜੀ ਵੀ ਪੁਜੀਸ਼ਨ 'ਤੇ ਬੈਠਾ ਹੋਵੇ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਾਨੂੰਨ ਆਪਣਾ ਕੰਮ ਕਰੇਗਾ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਭਰਾ ਦੀ ਥਾਂ ਡਿਊਟੀ 'ਤੇ ਆਏ ਗੋਦਾਮ ਦੇ ਚੌਕੀਦਾਰ ਦਾ ਕਤਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ, ''ਇਥੇ ਕਾਨੂੰਨ ਦਾ ਰਾਜ ਹੈ ਜਿਸ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।'' ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਚ ਉਹ ਵਿਰੋਧੀ ਧਿਰ ਦੇ ਦਬਾਅ ਅੱਗੇ ਨਹੀਂ ਝੁੱਕਣਗੇ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਬਚਾਉਣ ਜਾਂ ਲੁਕਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਇਸ ਮਾਮਲੇ 'ਚ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ 'ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ।
ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਵਲੋਂ ਕੱਲ੍ਹ ਵਿਧਾਨ ਸਭਾ ਵਿੱਚ ਸ਼ੋਰ ਸ਼ਰਾਬਾ ਕਰਕੇ ਕੀਤੀ ਜਾ ਰਹੀ ਮੰਗ ਨੂੰ ਪੂਰੀ ਤਰ੍ਹਾਂ ਅਣਚਾਹੀ ਤੇ ਅਣਅਧਿਕਾਰਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ''ਕੀ ਅਸੀਂ ਅਰਾਜਕਤਾ ਦੇ ਮਾਹੌਲ ਵਿੱਚ ਰਹਿ ਰਹੇ ਹੈ ਜਿੱਥੇ ਕਾਨੂੰਨ ਦਾ ਕੋਈ ਨਿਯਮ ਨਹੀਂ?''

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾਮਣਾ ਖੱਟਣ ਵਾਲੀਆਂ 11 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਕੀਤਾ ਜਾ ਸਕਦਾ ਹੈ ਸਨਮਾਨਿਤ

ਮੁੱਖ ਮੰਤਰੀ ਨੇ ਪੁੱਛਿਆ, ''ਕੀ ਤੁਸੀਂ ਸੱਚਮੁੱਚ ਮੈਥੋਂ ਇਹ ਆਸ ਰੱਖਦੇ ਹੋ ਕਿ ਬਿਨਾਂ ਕਿਸੇ ਪੂਰਨ ਜਾਂਚ ਦੇ ਮੈਂ ਆਪਣੇ ਮੰਤਰੀ ਖਿਲਾਫ ਕਾਰਵਾਈ ਕਰਾਂ ਜਦੋਂ ਕਿ ਮੈਂ ਵਿਰੋਧੀ ਧਿਰ ਦੇ ਕਈ ਆਗੂਆਂ ਖਿਲਾਫ ਅਜਿਹਾ ਨਹੀਂ ਕੀਤਾ।'' ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਖੁਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਮਾਮਲੇ ਵਿੱਚ ਹਰੇਕ ਜਾਂਚ ਲਈ ਤਿਆਰ ਹਨ। ਦੁੱਖ ਦੀ ਗੱਲ ਹੈ ਕਿ ਦੋਸ਼ ਅਤੇ ਜਵਾਬੀ ਦੋਸ਼ ਭਾਰਤੀ ਰਾਜਨੀਤੀ ਦਾ ਹਿੱਸਾ ਬਣ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ ਪਰ ਹਰੇਕ ਵਿਅਕਤੀ ਨਿਰਪੱਖ ਅਤੇ ਪੂਰਨ ਜਾਂਚ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਸ਼ੋਰ ਸ਼ਰਾਬਾ ਕਰਕੇ ਆਮ ਆਦਮੀ ਪਾਰਟੀ ਸੂਬੇ ਵਿੱਚ ਆਪਣੀ ਰਾਜਸੀ ਜ਼ਮੀਨ ਹਾਸਲ ਕਰਨ ਦੀ ਨਿਰਾਸ਼ਾ ਦਿਖਾ ਰਹੀ ਹੈ ਜਿਹੜੀ ਪਾਰਟੀ ਨੂੰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਬਜਾਏ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਮੌਕੇ ਲੱਭ ਰਹੀ ਆਪ ਅਤੇ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ, ''ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਚੋਣਾਂ ਸਖਤ ਮਿਹਨਤ ਨਾਲ ਜਿੱਤੀਆਂ ਜਾਂਦੀਆਂ ਹਨ ਨਾ ਕਿ ਬਹੁਤ ਜ਼ਿਆਦਾ ਬੇਲੋੜਾ ਰੌਲਾ ਪਾ ਕੇ।''

ਇਹ ਵੀ ਪੜ੍ਹੋ :  ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫ਼ਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ


Shyna

Content Editor

Related News