ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਪਰਿਵਾਰ ਨੇ PM ਮੋਦੀ ਨੂੰ ਕੀਤੀ ਅਪੀਲ

Wednesday, Nov 19, 2025 - 01:59 PM (IST)

ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਪਰਿਵਾਰ ਨੇ PM ਮੋਦੀ ਨੂੰ ਕੀਤੀ ਅਪੀਲ

ਫਾਜ਼ਿਲਕਾ (ਸੁਨੀਲ ਨਾਗਪਾਲ) : ਸਾਬਕਾ ਮੰਤਰੀ ਅਤੇ ਐੱਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅੱਜ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ ਦਿੱਲੀ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ। ਅਜਿਹੇ 'ਚ ਅਨਮੋਲ ਬਿਸ਼ਨੋਈ ਦੇ ਪਰਿਵਾਰਕ ਮੈਂਬਰ ਅਤੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਵਾਸੀ ਪਿੰਡ ਦੁਤਾਰਾ ਵਾਲੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਅਮਰੀਕੀ ਸਰਕਾਰ ਨੇ ਅਨਮੋਲ ਬਿਸ਼ਨੋਈ ਨੂੰ ਡਿਪੋਰਟ ਕੀਤਾ ਹੈ ਅਤੇ ਉਸ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਪਰਿਵਾਰ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕਾਨੂੰਨ ਆਪਣਾ ਕੰਮ ਕਰੇ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਨਮੋਲ ਦੀ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਗੈਂਗਸਟਰਾਂ ਦੇ ਕਈ ਗਰੁੱਪ ਬਣੇ ਹੋਏ ਹਨ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਯਕੀਨ ਹੈ।
ਇਨ੍ਹਾਂ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ ਅਨਮੋਲ
ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ 2022 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਹੈ। ਉਸ 'ਤੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਪੋਰਟ ਦੇਣ ਦਾ ਦੋਸ਼ ਹੈ। ਉਸਦੀ ਡਿਪੋਰਟੇਸ਼ਨ ਤੋਂ ਬਾਅਦ ਇਸ ਕੇਸ ਨਾਲ ਜੁੜੇ ਹੋਰ ਅਹਿਮ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਨਮੋਲ ਅਕਤੂਬਰ 2024 ਵਿੱਚ ਹੋਏ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਅਹਿਮ ਸਾਜ਼ਿਸ਼ਕਰਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਸ ਕੇਸ ਦੇ ਸ਼ੂਟਰ ਵੀ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਸਨ। ਇਸ ਤੋਂ ਇਲਾਵਾ ਅਪ੍ਰੈਲ 2024 ਵਿੱਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਿਲਸਿਲੇ ਵਿੱਚ ਵੀ ਅਨਮੋਲ ਦੀ ਭਾਲ ਸੀ। ਚਾਰਜਸ਼ੀਟ ਅਨੁਸਾਰ, ਅਨਮੋਲ ਨੇ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ‘ਪ੍ਰੇਰਿਤ’ ਕੀਤਾ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਇਤਿਹਾਸ ਰਚਣਗੇ।
 


author

Babita

Content Editor

Related News