ਮੁੜ ਸ੍ਰੀ ਮੁਕਤਸਰ ਸਾਹਿਬ ਪੁਲਸ ਦੇ ਰਿਮਾਂਡ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ

12/13/2022 12:14:33 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਛੇ ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਮਿਲਿਆ ਹੈ। ਲਾਰੈਂਸ ਨੂੰ 16 ਦਸੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੜ ਪੇਸ਼ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਅੱਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ’ਤੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਸ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। 

ਇਹ ਵੀ ਪੜ੍ਹੋ : ਨਾਭਾ ’ਚ ਸ਼ਰਮਸਾਰ ਹੋਈ ਇਨਸਾਨੀਅਤ, 12 ਸਾਲਾ ਸਕੀ ਧੀ ਨਾਲ ਪਿਓ ਨੇ ਜੋ ਕੀਤਾ ਸੁਣ ਉੱਡਣਗੇ ਹੋਸ਼

ਦਰਅਸਲ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਧਮਕੀ ਦਿੱਤੀ ਜਾ ਰਹੀ ਸੀ ਕਿ ਜੇਕਰ ਉਨ੍ਹਾਂ ਨੂੰ 30 ਲੱਖ ਰੁਪਏ ਨਾ ਦਿੱਤੇ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ। 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ ’ਤੇ ਆ ਰਿਹਾ ਹੈ, ਉਸ ਤੋਂ ਪਹਿਲਾਂ ਉਸ ਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ’ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਸ ਪੁੱਛਗਿੱਛ ਲਈ ਲੈ ਕੇ ਆਈ ਹੈ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਗੈਂਗ ਨਾਲ ਸੰਬੰਧਤ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। 

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਵਿਚ ਫੇਰਬਦਲ ਲਗਭਗ ਤੈਅ, ਇਹ ਵਿਧਾਇਕ ਬਣ ਸਕਦੇ ਹਨ ਮੰਤਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh