ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ 2 ਪਿਸਤੌਲਾਂ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ

06/19/2022 11:39:14 PM

ਲੁਧਿਆਣਾ (ਰਾਜ) : ਮਹਾਨਗਰ ’ਚ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਹੋਰ ਸਾਥੀ ਨੂੰ ਦੋ ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮ ਬਲਦੇਵ ਚੌਧਰੀ ਕੋਲੋਂ ਪੁਲਸ ਨੇ ਦੋ ਨਾਜਾਇਜ਼ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਉਮਰ ਤਕਰੀਬਨ 30 ਸਾਲ ਹੈ ਅਤੇ ਉਹ ਗੈਂਗਸਟਰ ਲਾਰੈਂਸ ਦਾ ਨਜ਼ਦੀਕੀ ਸਾਥੀ ਹੈ। ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤਾਂ ਕਿ ਇਹ ਪਤਾ ਲੱਗ ਸਕੇ ਕਿ ਉਸ ਨੇ ਇਹ ਹਥਿਆਰ ਕਿੱਥੋਂ ਅਤੇ ਕਿਸ ਮਕਸਦ ਲਈ ਖਰੀਦੇ ਸਨ। ਇਸੇ ਤਰ੍ਹਾਂ ਅੱਜ ਇਕ ਹੋਰ ਮੁਲਜ਼ਮ ਅੰਕਿਤ ਸ਼ਰਮਾ ਨੂੰ ਘੰਟਾਘਰ ਚੌਕ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 29 ਸਾਲ ਦਾ ਹੈ ਅਤੇ ਨਸ਼ੇ ਦਾ ਆਦੀ ਹੈ।

ਇਹ ਵੀ ਪੜ੍ਹੋ : ਫਿਲੌਰ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਸਾਲਾ ਬੱਚੇ ਦੀ ਮੌਤ

ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਿਆ ਗਿਆ ਹੈ। ਇਸੇ ਕੜੀ ਤਹਿਤ ਅੱਜ ਲੁਧਿਆਣਾ ’ਚ ਲਾਰੈਂਸ ਦੇ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨਾ ਪੁਲਸ ਦੀ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। ਦੱਸ ਦੇਈਏ ਕਿ ਗੈਂਗਸਟਰਾਂ ਵੱਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਸ ਪ੍ਰਸ਼ਾਸਨ ਵੀ ਗੈਂਗਸਟਰਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ।

Manoj

This news is Content Editor Manoj