ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲਹਿਰਾ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਦਿੱਤਾ ਰੋਸ ਧਰਨਾ

Thursday, Oct 26, 2017 - 10:02 AM (IST)

ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲਹਿਰਾ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਦਿੱਤਾ ਰੋਸ ਧਰਨਾ

ਲਹਿਰਾ ਮੁਹੱਬਤ (ਮਨੀਸ਼)-ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਜੀ. ਐੱਚ. ਟੀ. ਪੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਥਰਮਲਜ਼ ਕੰਟਰੈਕਟਰਜ਼ ਵਰਕਰ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਥਰਮਲ ਗੇਟ ਉਪਰ ਰੋਸ ਰੈਲੀ ਕੱਢਣ ਤੋਂ ਬਾਅਦ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਰੈਲੀ ਦੌਰਾਨ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਠੇਕਾ ਤੇ ਆਊਟਸੋਰਸਿੰਗ ਮੁਲਾਜ਼ਮਾਂ ਦੇ ਸੰਘਰਸ਼ ਦੌਰਾਨ ਐਕਟ 2016 ਬਣਾਇਆ ਸੀ, ਜਿਸ ਨੂੰ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ  ਮੁਲਾਜ਼ਮ ਪੱਕੇ ਕਰਨ ਦੀ ਥਾਂ ਛਾਂਟੀ ਕਰਨ ਦੇ ਰਾਹ ਤੁਰ ਪਈ ਹੈ। 
ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰਨ ਵਾਲੀ ਇਹ ਸਰਕਾਰ ਸਰਕਾਰੀ ਅਦਾਰਿਆਂ 'ਚੋਂ ਕਾਮਿਆਂ ਦੀਆਂ ਨੌਕਰੀਆਂ ਖੋਹ ਕੇ ਖਤਮ ਕਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ ਪ੍ਰਾਈਵੇਟ ਥਰਮਲਾਂ ਨੂੰ ਬੜ੍ਹਾਵਾ ਦੇਣ ਨਾਲ ਜਿਥੇ ਇਹ ਕਾਮਿਆਂ ਦਾ ਰੁਜ਼ਗਾਰ ਖੁੱਸ ਜਾਵੇਗਾ, ਉਥੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਮਹਿੰਗੇ ਭਾਅ ਦੀ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਦੀ ਮਹਿੰਗੀ ਬਿਜਲੀ ਖਰੀਦ ਕੇ ਲੋਕਾਂ 'ਤੇ ਆਰਥਿਕ ਬੋਝ ਪੈਣ ਨਾਲ ਲੋਕਾਂ ਦੀ ਆਰਥਿਕਤਾ ਕਮਜ਼ੋਰ ਹੋਵੇਗੀ। 
ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰੀ ਥਰਮਲ ਪਲਾਂਟਾਂ ਨੂੰ ਮੁੜ ਚਾਲੂ ਕੀਤਾ ਜਾਵੇ, ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ, ਬਠਿੰਡਾ ਥਰਮਲ ਦੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਇਹ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 7 ਨਵੰਬਰ ਨੂੰ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ।


Related News