ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ : ਬੀਬੀ ਭੱਠਲ
Tuesday, Feb 19, 2019 - 02:46 PM (IST)
ਲਹਿਰਾਗਾਗਾ(ਜਿੰਦਲ)— ਪੰਜਾਬ ਸਰਕਾਰ ਦਾ ਖਜ਼ਾਨਾ ਘਾਟੇ ਵਿਚ ਚੱਲਦੇ ਹੋਏ ਵੀ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਿੱਤ ਮੰਤਰੀ ਨੇ ਜੋ ਬਜਟ ਪੇਸ਼ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਆਪਣੀ ਰਿਹਾਇਸ਼ ਵਿਖੇ ਮੰਗਲਵਾਰ ਨੂੰ ਕਾਂਗਰਸੀ ਵਰਕਰਾਂ ਦੀਆ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਬੀਬੀ ਭੱਠਲ ਨੇ ਕਿਹਾ ਇਸ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ ਅਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਪੈਟਰੋਲ ਅਤੇ ਡੀਜ਼ਲ ਦੇ ਰੇਟ ਘੱਟ ਕਰਕੇ ਸੂਬੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਦੋਂਕਿ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਇੰਡਸਟਰੀ ਨੂੰ ਬਹੁਤ ਘੱਟ ਰੇਟ 'ਤੇ ਬਿਜਲੀ ਦਿੱਤੀ ਜਾ ਰਹੀ ਹੈ। ਬੀਬੀ ਭੱਠਲ ਨੇ ਕਿਹਾ ਕੇ ਬਜਟ ਵਿਚ ਸੰਗਰੂਰ ਜ਼ਿਲੇ ਨੂੰ ਇਕ ਮੈਡੀਕਲ ਕਾਲਜ ਦਿੱਤਾ ਗਿਆ ਹੈ ਹੋਰ ਵੀ ਬਹੁਤ ਕੁੱਝ ਸੰਗਰੂਰ ਨੂੰ ਮਿਲਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕੇ ਵਿਰੋਧੀਆਂ ਵੱਲੋਂ ਕਿਹਾ ਜਾ ਰਿਹਾ ਕਿ ਬਜਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਤਾਂ ਉਨ੍ਹਾਂ ਕਿਹਾ ਕਿ ਬਜਟ ਸਭ ਵਰਗਾਂ ਨੂੰ ਧਿਆਨ ਵਿਚ ਰੱਖ ਕੇ ਬਣਇਆ ਹੈ।
ਇਸ ਮੌਕੇ ਬੀਬੀ ਭੱਠਲ ਨਾਲ ਓ.ਐੱਸ.ਡੀ ਰਵਿੰਦਰ ਟੂਨਾ, ਕਾਂਗਰਸ ਦੇ ਬਾਲਾਕ ਪ੍ਰਧਾਨ ਰਾਜੇਸ਼ ਭੋਲਾ, ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਮਹੇਸ਼ ਨੀਟੂ ਤੋਂ ਇਲਾਵਾ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ।