ਮਜੀਠੀਆ ਤੇ ਪਰਮਿੰਦਰ ਢੀਂਡਸਾ ਨੂੰ ਬੀਬੀ ਭੱਠਲ ਨੇ ਸੁਣਾਈਆਂ ਖਰ੍ਹੀਆਂ-ਖਰ੍ਹੀਆਂ (ਵੀਡੀਓ)

11/29/2019 1:01:09 PM

ਲਹਿਰਾਗਾਗਾ (ਗਰਗ,ਰਾਜੇਸ਼ ਕੋਹਲੀ) : ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਢੀਂਡਸਾ ਵੱਲੋਂ ਕਾਂਗਰਸ 'ਤੇ ਲਗਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਿਸੇ 'ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਅਕਾਲੀਆਂ ਨੂੰ ਪਹਿਲਾਂ ਆਪਣੇ ਮੰਜੇ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਦਲਿਤ ਵਿਰੋਧੀ ਰਿਹਾ ਹੈ। ਅਕਾਲੀ ਦਲ ਦੀ ਸਰਕਾਰ ਸਮੇਂ ਦਲਿਤਾਂ ਉੱਪਰ ਜੋ ਅੱਤਿਆਚਾਰ ਹੋਏ ਹਨ, ਉਹ ਸਭ ਤੋਂ ਵੱਧ ਹਨ ਪਰ ਹੁਣ ਅਕਾਲੀ ਦਲ ਵਾਲੇ ਸੱਤਾ ਤੋਂ ਬਾਹਰ ਹੋ ਕੇ ਕਾਂਗਰਸ ਉੱਪਰ ਤਰ੍ਹਾਂ-ਤਰ੍ਹਾਂ ਦੇ ਇਲਜ਼ਾਮ ਲਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਅਕਾਲੀ ਦਲ ਨੇ ਹਮੇਸ਼ਾ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕੀਤੀ ਹੈ, ਜਿਸ ਨੂੰ ਪੰਜਾਬ ਦੀ ਜਨਤਾ ਚੰਗੀ ਤਰ੍ਹਾਂ ਜਾਣ ਚੁੱਕੀ ਹੈ।

ਭੱਠਲ ਨੇ ਕਿਹਾ ਕਿ ਸੂਬੇ ਅੰਦਰ ਗੈਂਗਸਟਰ ਕਲਚਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ ਹੈ, ਜਿਸ ਦਾ ਖਮਿਆਜ਼ਾ ਅੱਜ ਵੀ ਪੰਜਾਬ ਭੁਗਤ ਰਿਹਾ ਹੈ ਪਰ ਕਾਂਗਰਸ ਦੀ ਸਰਕਾਰ ਵੱਲੋਂ ਸੂਬੇ ਅੰਦਰੋਂ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਬੀਤੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਡੇਰਾ ਬਾਬਾ ਨਾਨਕ ਵਿਚ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਬੇਰਹਿਮੀ ਨਾਲ ਹੋਏ ਕਤਲ ਮਾਮਲੇ 'ਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਦੋਸ਼ ਲਾਏ ਸਨ। ਉਨ੍ਹਾਂ ਮੰਤਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਸੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਸਾਰੇ ਕਤਲ ਇਕੋ ਹੀ ਢੰਗ ਨਾਲ ਹੋਏ ਹਨ, ਜਿਸ ਦੌਰਾਨ ਕਾਂਗਰਸੀ ਵਰਕਰਾਂ ਨੇ ਜੁਰਮ ਕੀਤਾ ਹੈ ਅਤੇ ਪੁਲਸ ਨੇ ਉਸ ਉੱਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਸੰਗਰੂਰ ਜ਼ਿਲੇ ਦੇ ਚੰਗਾਲੀਵਾਲਾ ਪਿੰਡ ਵਿਚ ਇਕ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਵੀ ਹਾਕਮ ਪਾਰਟੀ ਦੇ ਆਗੂਆਂ ਦੀ ਸ਼ਹਿ 'ਤੇ ਹੀ ਤਸੀਹੇ ਦੇ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।


cherry

Content Editor

Related News