ਤੇਂਦੁਏ ਦੀ ਮੌਤ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਦੇ ਆਦੇਸ਼

04/26/2018 3:05:08 PM

ਹੁਸ਼ਿਆਰਪੁਰ (ਘੁੰਮਣ)— ਪੁਲਸ ਵੱਲੋਂ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਰਨਿਆਲਾ ਦੇ ਨਾਲ ਲੱਗਦੇ ਪਿੰਡ ਨਵੀਂ ਆਬਾਦੀ 'ਚ ਪਿਛਲੇ ਦਿਨੀਂ 11 ਅਪ੍ਰੈਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੇਂਦੁਏ ਦਾ ਸ਼ਿਕਾਰ ਕੀਤਾ ਗਿਆ ਸੀ। ਉਕਤ ਵਿਅਕਤੀਆਂ ਨੇ ਤੇਂਦੁਏ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਦੀ ਪੁਸ਼ਟੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੋਈ ਸੀ। ਇਸ ਸਬੰਧੀ ਕਿਸੇ ਵਿਅਕਤੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਲਿਖਤੀ ਦਰਖਾਸਤ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵੱਲੋਂ ਸਹਾਇਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੂੰ ਸੌਂਪੀ ਗਈ ਹੈ। ਇਸ ਸਬੰਧੀ ਏ. ਡੀ. ਸੀ. ਹਰਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨਾਲ ਸਬੰਧਤ ਅਧਿਕਾਰੀਆਂ ਡੀ. ਐੱਫ. ਓ. ਵਾਈਲਡ ਲਾਈਫ ਅਤੇ ਥਾਣਾ ਹਰਿਆਣਾ ਦੇ ਐੱਸ. ਐੱਚ. ਓ. ਨੂੰ ਜਾਂਚ ਲਈ ਬੁਲਾਇਆ ਗਿਆ ਹੈ ਤਾਂ ਜੋ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।