ਕਰਤਾਰਪੁਰ ਲਾਂਘੇ ''ਤੇ ਹਰਸਿਮਰਤ ਦੀ ਸੁਸ਼ਮਾ ਨੂੰ ਚਿੱਠੀ, ਸਿੱਧੂ ਦੇ ਦਾਅਵੇ ''ਤੇ ਸਥਿਤੀ ਸਪੱਸ਼ਟ ਕਰਨ ਦੀ ਮੰਗ

09/14/2018 7:43:01 PM

ਜਲੰਧਰ (ਏਜੰਸੀ)- ਕੇਂਦਰੀ ਫੂਡ ਸਪਲਾਈ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਕੈਬਨਿਟ ਸਹਿਯੋਗੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਲਿਖਿਆ ਕਿ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਜੋ ਗੱਲ ਆਖੀ ਹੈ ਅਤੇ ਪਾਕਿ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਵਲੋਂ ਇਸ ਸਬੰਧੀ ਦਿੱਤੇ ਬਿਆਨ ਦੀ ਵੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੈਂ ਇਹ ਜਾਨਣਾ ਚਾਹੁੰਦੀ ਹਾਂ ਕਿ ਭਾਰਤ-ਪਾਕਿਸਤਾਨ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਮੌਜੂਦਾ ਸਥਿਤੀ ਕੀ ਹੈ, ਜਿਸ ਨੂੰ ਖੋਲ੍ਹਣ ਦੀ ਸਾਡੀ ਪਾਰਟੀ ਅਤੇ ਲੋਕਾਂ ਵਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਮੈਂ ਬੇਨਤੀ ਕਰਦੀ ਹਾਂ ਕਿ ਇਸ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ ਅਤੇ ਪਾਕਿਸਤਾਨ ਇਸ ਲਾਂਘੇ ਲਈ ਹਾਮੀ ਭਰ ਦੇਵੇ ਤਾਂ ਜੋ ਸਿੱਖ ਸੰਗਤ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਣ।

ਹਰਸਿਮਰਤ ਕੌਰ ਬਾਦਲ ਨੇ ਚਿੱਠੀ ਵਿਚ ਨਵਜੋਤ ਸਿੰਘ ਸਿੱਧੂ ਬਾਰੇ ਜ਼ਿਕਰ ਕਰਦਿਆਂ ਲਿਖਿਆ ਕਿ ਪੰਜਾਬ ਸਰਕਾਰ ਦੇ ਮੰਤਰੀ ਜੋ ਕਿ ਪਾਕਿਸਤਾਨ ਵਿਚ ਇਮਰਾਨ ਖਾਨ ਦੀ ਤਾਜਪੋਸ਼ੀ ਲਈ ਗਏ ਸਨ, ਉਨ੍ਹਾਂ ਨੇ ਇਸ ਗੱਲ ਦਾ ਦਾਅਵਾ ਕੀਤਾ ਅਤੇ ਕੁਝ ਮੀਡੀਆ ਚੈਨਲ ਵੀ ਇਸ ਗੱਲ ਨੂੰ ਨਸ਼ਰ ਕਰ ਚੁੱਕੇ ਹਨ। ਜੇਕਰ ਅਜਿਹਾ ਅਸਲ ਵਿਚ ਹੁੰਦਾ ਹੈ ਤਾਂ ਸਾਨੂੰ ਇਸ 'ਤੇ ਨੋਟਿਸ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਇਹ ਗੱਲ ਵੀ ਸਾਫ ਕਰ ਦਿੱਤੀ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਦੇ ਮੰਤਰੀਆਂ ਨਾਲ ਕਈ ਵਾਰ ਗੱਲ ਕੀਤੀ ਅਤੇ ਵਿਧਾਨ ਸਭਾ ਵਿਚ ਵੀ ਇਸ ਮੁੱਦੇ ਨੂੰ ਕਈ ਵਾਰ ਚੁੱਕਿਆ ਜਾ ਚੁੱਕਾ ਹੈ। ਇਸ ਮੁੱਦੇ 'ਤੇ ਐਸ.ਜੀ.ਪੀ.ਸੀ. ਅਤੇ ਡੀ.ਐਸ.ਜੀ.ਐਮ.ਸੀ. ਵਲੋਂ ਸਰਕਾਰ ਨੂੰ ਮੰਗ ਕੀਤੀ ਜਾ ਚੁੱਕੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਧਰਤੀ ਦੇ ਦੀਦਾਰ-ਏ-ਦਰਸ਼ਨ ਕਰ ਸਕਣ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਐਲਾਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਚਰਚਾ ਖੱਟ ਚੁੱਕੇ ਹਨ। ਮੀਡੀਆ ਵਿਚ ਆ ਰਹੀਆਂ ਖਬਰਾਂ ਮੁਤਾਬਕ ਸਿੱਧੂ ਦੇ ਪਾਕਿਸਤਾਨ ਦੌਰੇ ਦੌਰਾਨ ਹੀ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਜ਼ਿਕਰ ਹੋਇਆ ਹੈ। ਜਿਸ 'ਤੇ ਪਾਕਿਸਤਾਨ ਦੇ ਜਨਰਲ ਕਮਰ ਜਾਵੇਦ ਬਾਜਵਾ ਨੇ ਸਿੱਧੂ ਨਾਲ ਗਲਵੱਕੜੀ ਪਾਉਂਦਿਆਂ ਇਹ ਗੱਲ ਕਹੀ ਸੀ ਅਤੇ ਇਸ ਗੱਲ ਦਾ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇਗਾ।