ਡੀ. ਸੀ. ਵੱਲੋਂ ਲਾਈਸੈਂਸੀ ਹਥਿਆਰ ਤੁਰੰਤ ਨੇੜੇ ਦੇ ਪੁਲਸ ਥਾਣੇ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਦੇ ਹੁਕਮ
Tuesday, Feb 02, 2021 - 02:22 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਐਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਫ਼ੌਜਦਾਰੀ 1973 ਦੀ ਧਾਰਾ-144 ਤਹਿਤ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ 'ਚ ਕਿਹਾ ਗਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਨਗਰ ਕੌਂਸਲ ਦੀ ਹਦੂਦ ਅੰਦਰ ਅਸਲਾ ਲਾਈਸੈਂਸ ਧਾਰਕਾਂ ਨੂੰ ਆਪਣੇ-ਆਪਣੇ ਲਾਇਸੈਂਸੀ ਹਥਿਆਰ ਨੇੜੇ ਪੈਂਦੇ ਪੁਲਸ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾ ਦਿੱਤੇ ਜਾਣ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਤਾਂ ਜੋ ਚੋਣਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 20 ਫਰਵਰੀ 2021 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।