ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨੂਰਮਹਿਲ ਵਾਸੀ

07/03/2018 6:12:04 AM

ਨੂਰਮਹਿਲ, (ਸ਼ਰਮਾ)- ਬਰਸਾਤ ਦਾ ਮੌਸਮ ਤੇ ਪ੍ਰਸ਼ਾਸਨ ਦੀ ਗੈਰ-ਜ਼ਿੰਮੇਵਾਰਾਨਾ ਕਾਰਗੁਜ਼ਾਰੀ ਕਾਰਨ ਨੂਰਮਹਿਲ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਸਮਾਜ ਸੇਵਿਕਾ ਸੁਰਿੰਦਰ ਕੋਛੜ ਨੇ ਸ਼ਹਿਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹਿਰ ਅੰਦਰ ਜਗ੍ਹਾ-ਜਗ੍ਹਾ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ  ਕਈ ਹਿੱਸਿਆਂ ਵਿਚ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਜਿਸ ਕਾਰਨ ਬੀਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਸ਼ਹਿਰ ਅੰਦਰ ਬਹੁਤ ਸਾਰੇ ਐਸੇ ਇਲਾਕੇ ਹਨ, ਜਿੱਥੇ ਥੋੜ੍ਹੀ ਜਿਹੀ ਬਾਰਿਸ਼ ਤੋਂ ਬਾਅਦ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਘਰਾਂ ਦੇ ਅੰਦਰ ਤੱਕ ਨਾਲੀਆਂ ਦਾ ਗੰਦਾ ਪਾਣੀ ਜਾ ਵੜਦਾ ਹੈ। ਸੁਰਿੰਦਰ ਕੋਛੜ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਨਾਲ ਇਸ ਸੰਬੰਧ ਵਿਚ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਪਹਿਲਾਂ ਤਾਂ ਫੋਨ ਹੀ ਨਹੀਂ ਚੁੱਕਿਆ ਫਿਰ ਜਦੋਂ ਉਨ੍ਹਾਂ ਦੇ ਦਫਤਰ ਜਾ ਕੇ ਮੁਲਾਕਾਤ ਕੀਤੀ ਤਾਂ ਉਨ੍ਹਾਂ ਕੋਲੋਂ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਕੋਈ ਮਹਾਮਾਰੀ ਦਸਤਕ ਦਿੰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਨਗਰ ਕੌਂਸਲ ਹੋਵੇਗੀ। ਉਨ੍ਹਾਂ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨੂਰਮਹਿਲ ਸ਼ਹਿਰ ਦਾ ਦੌਰਾ ਕਰਕੇ ਇਥੋਂ ਦੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਪਾਈਆਂ ਗਈਆਂ ਖਾਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ।
ਇਸ ਸੰਬੰਧ ਵਿਚ ਨਗਰ ਕੌਂਸਲ ਦੇ ਪ੍ਰਧਾਨ ਜਗਤਮੋਹਣ ਸ਼ਰਮਾ ਨੇ ਕਿਹਾ ਕਿ ਪੂਰੇ ਸ਼ਹਿਰ ਦਾ ਕਚਰਾ ਜਿਸ ਜਗ੍ਹਾ 'ਤੇ ਡੰਪ ਕੀਤਾ ਜਾਂਦਾ ਹੈ  ਉਥੋਂ ਗੰਦੀ ਬਦਬੂ ਆਉਣਾ ਤਾਂ ਸੁਭਾਵਕ ਹੀ ਹੈ ਅਤੇ ਜੇ ਕਿਸੇ ਹੋਰ ਜਗ੍ਹਾ 'ਤੇ ਕੋਈ ਗੰਦਗੀ ਜਮ੍ਹਾ ਹੈ ਤਾਂ ਉਸ ਦਾ ਪਤਾ ਕਰਕੇ ਸਫਾਈ ਕਰਵਾ ਦਿੱਤੀ ਜਾਵੇਗੀ। ਗੰਦੇ ਪਾਣੀ ਬਾਰੇ ਉਨ੍ਹਾਂ ਕਿਹਾ ਕਿ ਮੋਟਰਾਂ ਦਾ ਪ੍ਰੈਸ਼ਰ ਜ਼ਿਆਦਾ ਹੋਣ ਕਾਰਨ ਕਈ ਜਗ੍ਹਾ ਇਹੋ ਜਿਹੀਆਂ ਸ਼ਿਕਾਇਤਾਂ ਮਿਲੀਆਂ ਹਨ ਪਰ ਇਸ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।