ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Thursday, Nov 20, 2025 - 11:01 AM (IST)
ਅੰਮ੍ਰਿਤਸਰ/ਬਾਬਾ ਬਕਾਲਾ ਸਾਹਿਬ (ਨੀਰਜ, ਰਾਕੇਸ਼, ਅਠੌਲਾ)- ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮ੍ਰਿਤਸਰ ’ਚ 20 ਅਤੇ 21 ਨਵੰਬਰ ਨੂੰ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਮਹਿਤਾ ਚੌਕ ਦੇ ਰਸਤੇ ਤੋਂ ਜ਼ਿਲ੍ਹੇ ’ਚ ਦਾਖਲ ਹੋਵੇਗਾ, ਦੇ ਰਸਤੇ ਦੇ ਦੋਵੇਂ ਪਾਸੇ ਸਥਿਤ ਸ਼ਰਾਬ ਦੇ ਠੇਕੇ, ਅਹਾਤੇ, ਪਾਨ-ਬੀੜੀ, ਤੰਬਾਕੂ, ਸਿਗਰੇਟ ਪਦਾਰਥਾਂ ਆਧਾਰਤ ਦੁਕਾਨਾਂ, ਆਂਡਾ, ਮੀਟ-ਮੱਛੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹਾ ਟੁੱਟਣ ਦੇ ਵਿਰੋਧ ’ਚ ਅੱੜ ਗਏ ਵਕੀਲ, ਕੰਮਕਾਜ 20 ਨਵੰਬਰ ਤੱਕ ਠੱਪ
ਗੁਰਦਾਸਪੁਰ (ਹਰਮਨ): ਅਦਿੱਤਿਆ ਉੱਪਲ, ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਦੇ ਰੂਲ 37(9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 20 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਅਤੇ ਨਗਰ ਕੀਰਤਨ ਵਾਲੇ ਰੂਟ ਉੱਤੇ ਸਾਰੇ ਅੰਗਰੇਜ਼ੀ ਅਤੇ ਦੇਸ਼ੀ ਸਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਖੋਲਣ 'ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਮਨਾਹੀ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜਤ ਹੈ, 'ਤੇ ਵੀ ਪੂਰਨ ਤੌਰ 'ਤੇ ਲਾਗੂ ਹੋਣਗੇ। ਇਹ ਹੁਕਮ 19 ਨਵੰਬਰ ਯਾਨੀ ਅੱਜ ਜਾਰੀ ਕੀਤਾ ਗਿਆ ਹੈ ਅਤੇ 20 ਨਵੰਬਰ ਤੋਂ 22 ਨਵੰਬਰ ਤੱਕ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੀ ਸੌਗਾਤ, 80 ਕਰੋੜ ਦਾ ਲੱਗੇਗਾ ਇਹ ਨਵਾਂ ਪ੍ਰਾਜੈਕਟ, ਮਿਲੇਗੀ ਖਾਸ ਸਹੂਲਤ
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਤੋਂ 22 ਨਵੰਬਰ ਤਕ ਕੱਢੇ ਜਾਣੇ ਹਨ ਅਤੇ ਨਗਰ ਕੀਰਤਨ ਵਾਲੇ ਰੂਟਾਂ ਉੱਤੇ ਸਥਿਤ ਮੀਟ ਅਤੇ ਸ਼ਰਾਬ ਦੀ ਦੁਕਾਨਾਂ ਨੂੰ ਬੰਦ ਕਰਨ ਲਈ ਸਬੰਧਤ ਅਥਾਰਟੀਜ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਸੰਗਤਸਰ, ਪਿੰਡ ਹਰਦੋਬਥਵਾਲਾ, ਜਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋਣਾ ਹੈ, ਜੋ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦਾ ਹੋਇਆ ਬਟਾਲਾ ਅਤੇ ਬਟਾਲਾ ਤੋਂ ਜਲੰਧਰ ਰੋਡ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਢਾਬੇ 'ਤੇ ਰੇਡ
ਤਰਨਤਾਰਨ(ਰਮਨ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਵਿਸ਼ਾਲ ਨਗਰ ਕੀਰਤਨ ਸਬੰਧੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੀਰਤਨ ਦੌਰਾਨ ਨਗਰ ਕੀਰਤਨ ਦੇ ਰੂਟ ’ਤੇ ਮੀਟ ਅਤੇ ਸ਼ਰਾਬ ਆਦਿ ਦੀਆਂ ਦੁਕਾਨਾਂ ਬੰਦ ਕਰਨੀਆਂ ਜ਼ਰੂਰੀ ਹਨ। ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਰਾਹੁਲ, ਆਈ. ਏ. ਐੱਸ, ਜ਼ਿਲਾ ਮੈਜਿਸਟਰੇਟ, ਤਰਨਤਾਰਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 21-11-2025 ਨੂੰ ਜ਼ਿਲਾ ਤਰਨਤਾਰਨ ਦੀ ਹਦੂਦ ਅੰਦਰ ਨਗਰ ਕੀਰਤਨ ਦੌਰਾਨ ਨਗਰ ਕੀਰਤਨ ਦੇ ਉਕਤ ਰੂਟ ਉਪਰ/ਨਜ਼ਦੀਕ ਸਥਿਤ ਮੀਟ ਅਤੇ ਸ਼ਰਾਬ ਆਦਿ ਦੀਆਂ ਦੁਕਾਨਾਂ ਬੰਦ ਰੱਖਣ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਤੱਤਪਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਇਕ ਤਰਫਾ ਪਾਸ ਕੀਤਾ ਜਾਂਦਾ ਹੈ।
ਫਿਰੋਜ਼ਪੁਰ (ਪਰਮਜੀਤ, ਕੁਮਾਰ)–ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਜ਼ਿਲ੍ਹਿਆਂ ’ਚ ਚਾਰ ਨਗਰ ਕੀਰਤਨ/ਯਾਤਰਾਵਾਂ 20 ਤੋਂ 22 ਨਵੰਬਰ ਤੱਕ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਯਾਦਗਾਰੀ ਸਮਾਰੋਹ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਗਰ ਕੀਰਤਨ/ਯਾਤਰਾ ਦੇ ਰਸਤੇ ’ਚ ਕੋਈ ਵੀ ਅਜਿਹੀ ਗਤੀਵਿਧੀ ਨਾ ਹੋਵੇ, ਜੋ ਮਰਿਆਦਾ ਨੂੰ ਭੰਗ ਕਰੇ। ਇਸ ਸਬੰਧੀ ਜ਼ਿਲਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ 20 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਮੌਕੇ ਨਿਕਲਣ ਵਾਲੇ ਨਗਰ ਕੀਰਤਨ/ਯਾਤਰਾ ਦੇ ਦੌਰਾਨ ਜ਼ਿਲਾ ਫਿਰੋਜ਼ਪੁਰ ਦੀ ਹਦੂਦ ਅੰਦਰ ਆਂਡੇ, ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਪੂਰੀ ਤਰ੍ਹਾਂ ਬੰਦ ਰਹਿਣਗੇ।
