ਬਾਹਰਲੇ ਸੂਬਿਆਂ ਤੋਂ ਆ ਰਹੀ ਸ਼ਰਾਬ, ਲਾਹਣ ਦੀ ਕਸੀਦਗੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ
Thursday, Mar 28, 2024 - 03:03 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਦੇ ਨਿਰਦੇਸਾਂ 'ਤੇ ਬਾਹਰਲੇ ਸੂਬਿਆਂ ਤੋਂ ਤਸਕਰੀ ਹੋ ਕੇ ਆ ਰਹੀ ਸ਼ਰਾਬ ਅਤੇ ਲਾਹਣ ਦੀ ਕਸੀਦਗੀ ਨੂੰ ਰੋਕਣ ਦੇ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਆਬਕਾਰੀ ਵਿਭਾਗ ਅਤੇ ਪੁਲਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ’ਚ ਨਾਕੇ ਲਾ ਕੇ ਅਤੇ ਜਿਨ੍ਹਾਂ ਇਲਾਕਿਆਂ ’ਚ ਨਾਜਾਇਜ਼ ਸ਼ਰਾਬ ਦੀ ਕਸੀਦਗੀ ਹੋਣ ਅਤੇ ਬਾਹਰਲੇ ਰਾਜਾਂ ਤੋਂ ਤਸਕਰੀ ਹੋ ਕੇ ਆਈ ਸ਼ਰਾਬ ਦੀ ਵਿਕਰੀ ਦੀ ਸੰਭਾਵਨਾ ਹੈ, ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਇਨ੍ਹਾਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਖ਼ਾਲੀ ਗੋਦਾਮ, ਸ਼ੈਲਰ, ਢਾਬੇ ਅਤੇ ਹੋਰ ਥਾਵਾਂ ਜਿੱਥੇ ਸ਼ਰਾਬ ਨੂੰ ਜਮ੍ਹਾਂ ਕੀਤਾ ਜਾ ਸਕਦਾ ਹੋਵੇ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਇਨ੍ਹਾਂ ਟੀਮਾਂ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 168 ਬੋਤਲਾਂ ਦੇਸੀ ਸ਼ਰਾਬ, 320 ਲਿਟਰ ਲਾਹਣ ਅਤੇ 341 ਲਿਟਰ ਨਾਜਾਇਜ਼ ਸ਼ਰਾਬ ਦੀ ਰਿਕਵਰੀ ਕੀਤੀ ਗਈ ਹੈ ਅਤੇ 14 ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਗਏ ਹਨ।
ਇੱਥੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਆਬਕਾਰੀ ਵਿਭਾਗ ਅਤੇ ਪੁਲਸ ਵਿਭਾਗ ਵੱਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਦਾ ਹੈ ਜਾਂ ਬਣਾਉਂਦਾ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ।