ਦੂਰਦਰਸ਼ਨ ''ਤੇ ਹੋਵੇ ਵਿਧਾਨ ਸਭਾਵਾਂ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ : ਭਗਵੰਤ ਮਾਨ

01/10/2018 7:23:55 AM

ਚੰਡੀਗੜ੍ਹ  (ਬਿਊਰੋ)  - ਰਾਜਸਥਾਨ ਦੇ ਉਦੇਪੁਰ ਸ਼ਹਿਰ ਵਿਖੇ 18ਵੇਂ ਸਰਬ ਭਾਰਤੀ ਵ੍ਹਿਪ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਰੇ ਸੂਬਿਆਂ ਦੇ ਵਿਧਾਨ ਸਭਾ ਸੈਸ਼ਨਾਂ ਦੀ ਕਾਰਵਾਈ ਦਾ ਦੂਰਦਰਸ਼ਨ 'ਤੇ ਸਿੱਧਾ ਪ੍ਰਸਾਰਣ ਕਰਨ ਦੀ ਮੰਗ ਉਠਾਈ। 'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਸਰਬ ਭਾਰਤੀ ਵ੍ਹਿਪ ਸੰਮੇਲਨ ਵਿਚ ਸੰਸਦ 'ਚ ਸਾਰੀਆਂ ਪਾਰਟੀਆਂ ਦੇ ਵ੍ਹਿਪ ਮੈਂਬਰਾਂ ਸਮੇਤ ਸੂਬਾ ਵਿਧਾਨ ਸਭਾਵਾਂ ਤੋਂ ਵੱਖ-ਵੱਖ ਮੈਂਬਰਾਂ ਸਮੇਤ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਮਹਾਰਾਣਾ ਪ੍ਰਤਾਪ ਦੀ ਸਰਜ਼ਮੀਂ ਉੱਤੇ ਸ਼ੁਰੂ ਹੋਏ ਸੰਮੇਲਨ ਦੇ ਉਦਘਾਟਨੀ ਸਮਾਰੋਹ 'ਚ ਰਾਜਸਥਾਨ ਦੀ ਮੁੱਖ ਮੰਤਰੀ ਸ਼੍ਰੀਮਤੀ ਵਸੁੰਧਰਾ ਰਾਜੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਤ ਕੁਮਾਰ ਨੇ ਪ੍ਰਧਾਨਗੀ ਕੀਤੀ। ਇਸ ਮੌਕੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਪੀਕਰ ਦੀ ਕੁਰਸੀ ਸਾਹਮਣੇ (ਵੈੱਲ) ਜਾ ਕੇ ਸ਼ੋਰ-ਸ਼ਰਾਬੇ ਤੋਂ ਸੰਕੋਚ ਕਰਨਾ ਚਾਹੀਦਾ ਹੈ ਪਰ ਸਵਾਲ ਇਹ ਹੈ ਕਿ ਜੇਕਰ ਸੱਤਾਧਾਰੀ ਧਿਰਾਂ ਜ਼ਿੰਮੇਵਾਰੀ ਨਾਲ ਚੱਲਣ ਅਤੇ ਉਨ੍ਹਾਂ ਨੂੰ ਸੀਟ 'ਤੇ ਹੀ ਬੋਲਣ ਦਾ ਮੌਕਾ ਦਿੱਤਾ ਜਾਵੇ ਤਾਂ ਵੈੱਲ ਵਿਚ ਆ ਕੇ ਬੋਲਣ ਦੀ ਜ਼ਰੂਰਤ ਨਹੀਂ ਰਹਿੰਦੀ।
ਉਨ੍ਹਾਂ ਕਿਹਾ ਕਿ ਸੰਸਦ ਅਤੇ ਵਿਧਾਨ ਸਭਾਵਾਂ ਦੀ ਕਾਰਵਾਈ ਸੁਚਾਰੂ ਅਤੇ ਸਾਕਾਰਾਤਮਕ ਤਰੀਕੇ ਨਾਲ ਚਲਾਉਣ ਲਈ ਜਿਥੇ ਵਿਰੋਧੀ ਧਿਰ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਬਣਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਉਥੇ ਹੀ ਪਹਿਲੀ ਵਾਰ ਚੁਣੇ ਗਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਬੋਲਣ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਵਿਧਾਨ ਸਭਾਵਾਂ ਅਤੇ ਲੋਕ ਸਭਾ ਦੇ ਸੈਸ਼ਨਾਂ ਦੀ ਲਗਾਤਾਰ ਘਟ ਰਹੀ ਗਿਣਤੀ 'ਤੇ ਚਿੰਤਾ ਜਤਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਾਨੂੰਨ ਜਾਂ ਪੈਮਾਨਾ ਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਤਹਿਤ ਦਿਨ ਤੇ ਬੈਠਕਾਂ ਯਕੀਨੀ ਹੋ ਸਕਣ।  


Related News