ਭਾਰਤ ''ਬੰਦ'' ''ਚ ਵਧ-ਚੜ੍ਹ ਕੇ ਹਿੱਸਾ ਲਵੇਗੀ ਲੋਕ ਇਨਸਾਫ ਪਾਰਟੀ : ਬੈਂਸ

01/08/2020 12:39:44 AM

ਲੁਧਿਆਣਾ, (ਪਾਲੀ)— ਲੋਕ ਇਨਸਾਫ ਪਾਰਟੀ ਵੱਲੋਂ ਵੀ ਵੱਖ-ਵੱਖ ਸੰਗਠਨਾਂ ਅਤੇ ਜਥੇਬੰਦੀਆਂ ਵੱਲੋਂ ਕੀਤੇ ਜਾ ਰਿਹੇ ਭਾਰਤ ਬੰਦ ਦੇ ਸਮਰਥਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸਰਪ੍ਰਸਤ ਅਤੇ ਪ੍ਰਧਾਨ ਬੈਂਸ ਭਰਾਵਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕਰਦੇ ਹੋਏ ਕੇਂਦਰੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੈ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੇ-ਵੱਡੇ ਠੱਗਾਂ ਦੇ ਕਰਜ਼ੇ ਮੁਆਫ ਕਰ ਰਹੇ ਹਨ ਅਤੇ ਵੱਡੇ ਘਰਾਣਿਆਂ ਦੇ ਘਰ ਭਰਨ ਲੱਗੇ ਹੋਏ ਹਨ ਅਤੇ ਦੂਜੇ ਪਾਸੇ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲੇ ਕਿਸਾਨ ਕਰਜ਼ਿਆਂ ਦੀ ਪੰਡ ਨੂੰ ਨਾ ਸਾਂਭ ਸਕਣ ਕਰ ਕੇ ਖੁਦਕੁਸ਼ੀਆਂ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਕੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਜਬਰੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਸਕੀਮਾਂ ਬਣਾ ਰਹੀ ਹੈ ਅਤੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਪਣੀ ਮਿਹਨਤ ਨਾਲ ਦੇਸ਼ ਦਾ ਅੰਨ ਭੰਡਾਰ ਪੈਦਾ ਕਰਦਾ ਹੈ ਪਰ ਹਾਲ ਇਹ ਹੈ ਕਿ ਕਿਸਾਨ ਅਤੇ ਉਸ ਦੇ ਪਰਿਵਾਰਕ ਮੈਂਬਰ ਨੂੰ ਉਸ ਦੀ ਮਿਹਨਤ ਦਾ ਪੂਰਾ ਪੈਸਾ ਮਿਲਣਾ ਤਾਂ ਇਕ ਪਾਸੇ ਸਗੋਂ ਉਸ ਸਿਰ ਆਏ ਸਾਲ ਕਰਜ਼ੇ ਦਾ ਬੋਝ ਹੋਰ ਵਧ ਜਾਂਦਾ ਹੈ, ਜਿਸ ਨੂੰ ਬਰਦਾਸ਼ਤ ਨਾ ਕਰਦਾ ਹੋਇਆ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਸਾਮਰਾਜੀ ਵਿਸ਼ਵੀਕਰਨ ਦੀ ਨੀਤੀ ਤਹਿਤ ਆਰਥਿਕ ਸੁਧਾਰਾਂ ਦੀ ਆੜ ਹੇਠ ਕਿਰਤ ਕਾਨੂੰਨਾਂ 'ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ, ਸਿੱਖਿਆ, ਸਿਹਤ, ਬਿਜਲੀ, ਟਰਾਂਸਪੋਰਟ, ਅਧਿਆਪਕਾਂ ਦੀਆਂ ਪੈਨਸ਼ਨਾਂ ਬੰਦ ਕਰਨਾ ਸਮੇਤ ਅਨੇਕਾਂ ਨੀਤੀਆਂ ਨਾਲ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਦਾ ਕਚੂੰਮਰ ਕੱਢ ਰਹੀਆਂ ਹਨ, ਜਿਨ੍ਹਾਂ ਖਿਲਾਫ ਲੋਕ ਇਨਸਾਫ ਪਾਰਟੀ ਸਮੂਹ ਜਥੇਬੰਦੀਆਂ ਅਤੇ ਸੰਗਠਨਾਂ ਦਾ ਸਾਥ ਦਿੰਦੇ ਹੋਏ ਇਸ ਭਾਰਤ ਬੰਦ ਦਾ ਸਮਰਥਨ ਕਰੇਗੀ ਅਤੇ ਹਰ ਸਮੇਂ ਉਹ ਕਿਸਾਨਾਂ ਅਤੇ ਹੋਰਨਾਂ ਜਥੇਬੰਦੀਆਂ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੂਰੇ ਪੰਜਾਬ 'ਚ ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਸਭ ਆਗੂ ਅਤੇ ਵਰਕਰ ਵਧ-ਚੜ੍ਹ ਕੇ ਭਾਗ ਲੈਣਗੇ। ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਬੈਂਸ, ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਅਮਰੀਕ ਸਿੰਘ ਵਰਪਾਲ, ਪ੍ਰਧਾਨ ਬਲਦੇਵ ਸਿੰਘ, ਜਤਿੰਦਰ ਸਿੰਘ ਭੱਲਾ ਅਤੇ ਹੋਰ ਵੀ ਹਾਜ਼ਰ ਸਨ।

KamalJeet Singh

This news is Content Editor KamalJeet Singh