ਲੋਕ ਸਭਾ ਚੋਣਾਂ ਦੌਰਾਨ ''ਦੁਖੀ ਮੁਲਾਜ਼ਮਾਂ'' ਦੀ ਸਰਕਾਰ ਨੂੰ ਧਮਕੀ
Tuesday, Apr 16, 2019 - 12:50 PM (IST)

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਕ ਪਾਸੇ ਜਿੱਥੇ ਪੰਜਾਬ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਨੇ ਚੋਣਾਂ ਡਿਊਟੀਆਂ ਦਾ ਬਾਈਕਾਟ ਕਰਨ ਸਬੰਧੀ ਸਰਕਾਰ ਨੂੰ ਧਮਕੀ ਦੇ ਦਿੱਤੀ ਹੈ। ਅਸਲ 'ਚ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਡੀ. ਏ. ਦਾ ਰੁਕਣਾ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਉਨ੍ਹਾਂ ਦੀਆਂ ਤਨਖਾਹਾਂ ਘਟਾਉਣਾ ਵਰਗੇ ਫੈਸਲਿਆਂ ਕਾਰਨ ਪੰਜਾਬ ਦੇ ਮੁਲਾਜ਼ਮ ਦੁਖੀ ਹਨ।
ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਵਫਦ ਨੇ ਮੁੱਖ ਚੋਣ ਅਧਿਕਾਰੀ, ਪੰਜਾਬ ਐੱਸ. ਕਰੁਣਾ ਰਾਜੂ ਨੂੰ ਮਿਲ ਕੇ ਕਹਿ ਦਿੱਤਾ ਹੈ ਕਿ ਜੇਕਰ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੂਬੇ ਦੇ ਮੁਲਾਜ਼ਮ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਲਈ ਮਜ਼ਬੂਰ ਹੋ ਸਕਦੇ ਹਨ। ਮੁਲਾਜ਼ਮ ਆਗੂ ਸੱਜਣ ਸਿੰਘ ਨੇ ਚੋਣ ਅਧਿਕਾਰੀ ਦੇ ਧਿਆਨ 'ਚ ਲਿਆਂਦਾ ਕਿ ਪਿਛਲੀਆਂ ਕਈ ਚੋਣਾਂ ਦੌਰਾਨ ਸੂਬੇ ਦਾ ਮਾਹੌਲ ਅਜਿਹਾ ਬਣਿਆ ਸੀ, ਜਦੋਂ ਮੁਲਾਜ਼ਮਾਂ ਵਲੋਂ ਚੋਣ ਡਿਊਟੀਆਂ ਦਾ ਬਾਈਕਾਟ ਕੀਤਾ ਗਿਆ ਸੀ। ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਗਿਆ ਕਿ ਜੇਕਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੱਜਣ ਸਿੰਘ ਵਲੋਂ ਇਕ ਮਈ ਤੋਂ ਚੰਡੀਗੜ੍ਹ 'ਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।