ਹਰਸਿਮਰਤ ਦਾ ਦਾਅਵਾ, ਪੰਜਾਬ ''ਚ 3 ਗੁਣਾ ਵਧਿਆ ਨਸ਼ਾ

02/23/2019 6:34:19 PM

ਤਲਵੰਡੀ ਸਾਬੋ (ਮੁਨੀਸ਼ ਗਰਗ) : ਹੁਣ ਜਦੋਂ ਲੋਕ ਸਭਾ ਚੋਣਾਂ ਨੂੰ ਮਹਿਜ਼ ਦੋ ਕੁ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ ਤਾਂ ਇਸ ਦਰਮਿਆਨ ਦੇਸ਼ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ੍ਹਿਆ ਹੋਇਆ ਹੈ। ਅਜਿਹੇ 'ਚ ਪੰਜਾਬ 'ਚ ਅਰਸ਼ ਤੋਂ ਫਰਸ਼ 'ਤੇ ਪਹੁੰਚੀ ਅਕਾਲੀ ਦਲ ਨੂੰ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਦੀ ਸਭ ਤੋਂ ਵੱਡੀ ਮਦਦਗਾਰ ਦੱਸਿਆ ਹੈ। ਸਿਆਸੀ ਤੀਰ ਚਲਾਉਂਦਿਆਂ ਤਲਵੰਡੀ ਸਾਬੋ ਦੇ ਲੋਕਾਂ ਨੂੰ ਹਰਸਿਮਰਤ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਹਰਸਿਮਰਤ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਚਾਰ ਹਫਤਿਆਂ 'ਚ ਨਸ਼ਾ ਖਤਮ ਕਰਨ ਦੀ ਝੂਠੀ ਸਹੁੰ ਚੁੱਕੀ ਸੀ ਜਦਕਿ ਅੱਜ ਪੰਜਾਬ ਵਿਚ ਨਸ਼ਾ ਤਿੰਨ ਗੁਣਾ ਵੱਧ ਗਿਆ ਹੈ। ਹਰਸਿਮਰਤ ਨੇ ਦਾਅਵਾ ਕੀਤਾ ਕਿ ਕੁਝ ਹੀ ਸਮੇਂ ਦੌਰਾਨ ਪੰਜਾਬ ਵਿਚ 400 ਦੇ ਕਰੀਬ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਹਰਸਿਮਰਤ ਬਾਦਲ ਨੇ ਕਾਂਗਰਸ ਸਰਕਾਰ ਵਲੋਂ ਗਠਿਤ ਕੀਤੀ ਗਈ ਸਪੈਸ਼ਲ ਜਾਂਚ ਟੀਮ 'ਤੇ ਵੀ ਸਵਾਲ ਖੜੇ ਕੀਤੇ ਹਨ। ਅਕਾਲੀ ਦਲ ਦਾ ਦੋਸ਼ ਹੈ ਕਿ ਕਾਂਗਰਸ ਦਾ ਮਕਸਦ ਸਿਰਫ ਅਤੇ ਸਿਰਫ ਬਾਦਲਾਂ ਨੂੰ ਗ੍ਰਿਫਤਾਰ ਕਰਨਾ ਹੈ।

Gurminder Singh

This news is Content Editor Gurminder Singh