ਲੁਧਿਆਣਾ ਸੀਟ ''ਤੇ ਅਕਾਲੀ ਦਲ ਨੂੰ ਪਏ ਉਮੀਦਵਾਰ ਦੇ ''ਲਾਲੇ''

Friday, Mar 29, 2019 - 06:23 PM (IST)

ਲੁਧਿਆਣਾ ਸੀਟ ''ਤੇ ਅਕਾਲੀ ਦਲ ਨੂੰ ਪਏ ਉਮੀਦਵਾਰ ਦੇ ''ਲਾਲੇ''

ਲੁਧਿਆਣਾ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਸੰਤਾਪ ਹੰਢਾਅ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਜੇ ਤਕ ਕੋਈ ਯੋਗ ਉਮੀਦਵਾਰ ਨਹੀਂ ਮਿਲ ਰਿਹਾ। ਸੋਸ਼ਲ ਮੀਡੀਆ 'ਤੇ ਰੋਜ਼ਾਨਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਵੇਂ ਨਾਂ ਦੀ ਚਰਚਾ ਸ਼ੁਰੂ ਹੋ ਜਾਂਦੀ ਹੈ। ਦੂਜੇ ਪਾਸੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜ਼ੋਰਾਂ-ਸ਼ੋਰਾਂ ਨਾਲ ਵਰਕਰਾਂ ਨਾਲ ਮੀਟਿੰਗਾਂ ਆਰੰਭੀਆਂ ਹੋਈਆਂ ਹਨ। ਇਸ ਤੋਂ ਇਲਾਵਾ ਪੀ. ਡੀ. ਏ. ਤੇ ਲੋਕ ਇਨਸਾਫ਼ ਪਾਰਟੀ ਦੇ ਸੰਭਾਵੀ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੀ ਪਿਛਲੇ ਕਈ ਦਿਨਾਂ ਤੋਂ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ।
1967 ਤੋਂ ਬਾਅਦ ਹੁਣ ਤਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲੁਧਿਆਣਾ ਦੀ ਲੋਕ ਸਭਾ ਸੀਟ 'ਤੇ 25 ਸਾਲ ਰਾਜ ਕਰ ਚੁੱਕੇ ਹਨ। ਪਿਛਲੀਆਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਉਮੀਦਵਾਰ ਖੜ੍ਹਾ ਕਰਨ ਦਾ ਮਨ ਬਣਾ ਲਿਆ ਸੀ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਲਈ ਉਮੀਦਵਾਰ ਲੱਭਣ ਵਿਚ ਮੁਸ਼ਕਲ ਹੋ ਰਹੀ ਹੈ।
2019 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਮਹੇਸ਼ ਇੰਦਰ ਸਿੰਘ ਗਰੇਵਾਲ ਦਾ ਨਾਂ ਸਾਹਮਣੇ ਆਇਆ ਸੀ। ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਥਾਪੜਾ ਮਿਲਣ ਤੋਂ ਬਾਅਦ ਉਹ ਫੇਸਬੁੱਕ ਅਤੇ ਹੋਰ ਸੋਸ਼ਲ ਸਾਈਟਾਂ 'ਤੇ ਵੀ ਐਕਟਿਵ ਹੋ ਗਏ ਸਨ। ਇਸ ਤੋਂ ਪਹਿਲਾਂ ਉਹ ਫੇਸਬੁੱਕ 'ਤੇ ਨਹੀਂ ਸਨ। ਇੰਨਾ ਹੀ ਨਹੀਂ ਉਨ੍ਹਾਂ ਨੇ ਕਈ ਹਲਕਿਆਂ ਵਿਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਕਰ ਦਿੱਤਾ ਸੀ। ਕੁਝ ਦਿਨ ਬਾਅਦ ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੇ ਵਰਕਰਾਂ ਨੇ ਐੱਸ. ਓ. ਆਈ. ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਨਾਂ ਅਕਾਲੀ ਦਲ ਦੇ ਉਮੀਦਵਾਰ ਲਈ ਚੁੱਕਣਾ ਸ਼ੁਰੂ ਕਰ ਦਿੱਤਾ ਸੀ।
ਇਸ ਤੋਂ ਬਾਅਦ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦਾ ਨਾਂ ਚਰਚਾ ਵਿਚ ਹੈ। 2004 ਦੀਆਂ ਲੋਕ ਸਭਾ ਚੋਣਾਂ ਵਿਚ ਲੋਕ ਸਭਾ ਮੈਂਬਰ ਰਹਿ ਚੁੱਕੇ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਵੀ ਟਿਕਟ ਲਈ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਮਨ੍ਹਾ ਕਰ ਦਿੱਤਾ ਸੀ। ਪਿਛਲੀਆਂ ਚੋਣਾਂ ਦੇ ਉਮੀਦਵਾਰ ਮਨਪ੍ਰੀਤ ਇਆਲੀ ਵੀ ਚੋਣ ਨਹੀਂ ਲੜਨਾ ਚਾਹੁੰਦੇ। ਸ਼੍ਰੋਮਣੀ ਅਕਾਲੀ ਦਲ ਹੁਣ ਆਪਣੇ ਉਮੀਦਵਾਰ ਵਜੋਂ ਕਿਸ ਦੇ ਨਾਂ 'ਤੇ ਮੋਹਰ ਲਾਉਂਦਾ ਹੈ, ਇਹ ਆਉਣ ਵਾਲੇ ਦਿਨਾਂ ਵਿਚ ਹੀ ਪਤਾ ਲੱਗੇਗਾ।


author

Gurminder Singh

Content Editor

Related News