ਬੀਬੀ ਖਾਲੜਾ ਨੂੰ ਸਮਰਥਨ ਦੇਣ ''ਤੇ ਭਗਵੰਤ ਮਾਨ ਦੀ ਸ਼ਰਤ!
Friday, Apr 19, 2019 - 06:36 PM (IST)

ਸੰਗਰੂਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸ਼ਰਤਾਂ 'ਤੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਜੇਕਰ ਬੀਬੀ ਪਰਮਜੀਤ ਕੌਰ ਖਾਲੜਾ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਛੱਡ ਕੇ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਨੂੰ ਸਮਰਥਨ ਦੇਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਖਡੂਰ ਸਾਹਿਬ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਨੂੰ ਵਾਪਸ ਲੈਂਦਿਆਂ ਆਮ ਆਦਮੀ ਪਾਰਟੀ ਨੂੰ ਵੀ ਬੀਬੀ ਖਾਲੜਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ। ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਸੀ ਕਿ ਬੀਬੀ ਖਾਲੜਾ ਅਤੇ ਉਨ੍ਹਾਂ ਦੇ ਪਤੀ ਦੀਆਂ ਪੰਥ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਸਾਰੀਆਂ ਹਮਖਿਆਲੀ ਧਿਰਾਂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਹੁਣ ਜਦੋਂ ਆਮ ਆਦਮੀ ਪਾਰਟੀ ਨੇ ਬੀਬੀ ਖਾਲੜਾ ਨੂੰ ਖਹਿਰਾ ਦਾ ਸਾਥ ਛੱਡਣ 'ਤੇ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ ਤਾਂ ਇਸ 'ਤੇ ਬੀਬੀ ਖਾਲੜਾ ਦਾ ਕੀ ਫੈਸਲਾ ਹੁੰਦਾ ਹੈ, ਇਹ ਦੇਖਣਾ ਹੋਵੇਗਾ।