ਹੁਸ਼ਿਆਰਪੁਰ ਲੋਕ ਸਭਾ ਹਲਕੇ ''ਚ 52 ਪੋਲਿੰਗ ਬੂਥ ਸੰਵੇਦਨਸ਼ੀਲ ਅਤੇ 340 ਅਤਿ-ਸੰਵੇਦਨਸ਼ੀਲ

Saturday, May 18, 2019 - 12:43 PM (IST)

ਹੁਸ਼ਿਆਰਪੁਰ ਲੋਕ ਸਭਾ ਹਲਕੇ ''ਚ 52 ਪੋਲਿੰਗ ਬੂਥ ਸੰਵੇਦਨਸ਼ੀਲ ਅਤੇ 340 ਅਤਿ-ਸੰਵੇਦਨਸ਼ੀਲ

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 05-ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 19 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚੋਣਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਹ ਬੀਤੇ ਦਿਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 18 ਮਈ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ 'ਚ ਸਟਰਾਂਗ ਰੂਮ ਖੋਲ੍ਹ ਕੇ ਈ. ਵੀ. ਐੱਮ. ਮਸ਼ੀਨਾਂ ਪੋਲਿੰਗ ਪਾਰਟੀਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। 19 ਮਈ ਨੂੰ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਮੌਕ ਪੋਲ ਸਵੇਰੇ 6 ਵਜੇ ਸ਼ੁਰੂ ਹੋਵੇਗੀ।
ਕਾਲੀਆ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪਹਿਲੀ ਵਾਰ ਈ. ਵੀ. ਐੱਮ. ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਲਿਜਾਣ ਵਾਲੇ ਵਾਹਨਾਂ 'ਤੇ ਨਜ਼ਰ ਰੱਖਣ ਲਈ ਜੀ. ਪੀ. ਐੱਸ. ਡਿਵਾਈਸ ਲਾਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਅਤੇ ਡਰ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਹਲਕੇ ਦੇ ਕਰੀਬ 15 ਲੱਖ 80 ਹਜ਼ਾਰ ਵੋਟਰਾਂ ਵੱਲੋਂ ਇਸ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਹੈ ਅਤੇ ਹਲਕੇ ਦੇ 1911 ਪੋਲਿੰਗ ਬੂਥਾਂ 'ਤੇ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਵਿਚ 52 ਪੋਲਿੰਗ ਬੂਥ ਸੰਵੇਦਨਸ਼ੀਲ ਅਤੇ 340 ਅਤਿ-ਸੰਵੇਦਨਸ਼ੀਲ ਐਲਾਨੇ ਗਏ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ 1911 ਪੋਲਿੰਗ ਬੂਥਾਂ ਵਿਚੋਂ 50 ਫੀਸਦੀ 'ਤੇ ਵੈੱਬ ਕਾਸਟਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਨਸ਼ਿਆਂ ਖਿਲਾਫ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਇਸ ਮੁਹਿੰਮ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ 2 ਕਰੋੜ 98 ਲੱਖ ਰੁਪਏ ਦੇ ਨਸ਼ੇ ਵਾਲੇ ਪਦਾਰਥਾਂ ਸਮੇਤ ਹੋਰ ਗੈਰ-ਕਾਨੂੰਨੀ ਪਦਾਰਥ ਜ਼ਬਤ ਕੀਤੇ ਗਏ ਹਨ। ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ ਹਰ ਹਲਕੇ 'ਚ 2 ਪਿੰਕ ਪੋਲਿੰਗ ਬੂਥ ਹੋਣਗੇ, ਜਿੱਥੇ ਸਾਰਾ ਚੋਣ ਅਮਲਾ ਮਹਿਲਾਵਾਂ ਦਾ ਹੋਵੇਗਾ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ 'ਪਰਸਨ ਵਿਦ ਡਿਸਐਬਿਲਟੀ' (ਪੀ. ਡਬਲਿਊ. ਡੀ.) ਦਾ ਹੋਵੇਗਾ, ਜਦਕਿ ਹਰ ਵਿਧਾਨ ਸਭਾ ਹਲਕੇ 'ਚ 5 ਮਾਡਲ ਪੋਲਿੰਗ ਸਥਾਪਤ ਕੀਤੇ ਜਾਣਗੇ।
ਕਾਲੀਆ ਨੇ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਲੋਕ ਸਭਾ ਚੋਣਾਂ-2019 ਦੇ ਸਬੰਧ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ 17 ਮਈ ਸ਼ਾਮੀਂ 6 ਤੋਂ 19 ਮਈ ਸ਼ਾਮ 6 ਵਜੇ ਵੋਟਾਂ ਵਾਲੇ ਦਿਨ ਤੱਕ 'ਡਰਾਈ ਡੇਅ' ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ 23 ਮਈ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਵੀ ਪੂਰਾ ਦਿਨ 'ਡਰਾਈ ਡੇਅ' ਰਹੇਗਾ।
ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਬੂਥ ਪੋਲਿੰਗ ਸਟੇਸ਼ਨਾਂ ਤੋਂ 200 ਮੀਟਰ ਦੀ ਦੂਰੀ 'ਤੇ ਲਾਉਣ, ਜਿੱਥੇ ਇਕ ਟੇਬਲ ਅਤੇ ਦੋ ਕੁਰਸੀਆਂ ਹੀ ਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨ ਅੰਦਰ ਪ੍ਰੀਜ਼ਾਈਡਿੰਗ ਅਫਸਰ ਤੋਂ ਇਲਾਵਾ ਕਿਸੇ ਨੂੰ ਵੀ ਮੋਬਾਇਲ ਫੋਨ ਦੀ ਵਰਤੋਂ ਦੀ ਆਗਿਆ ਨਹੀਂ ਹੋਵੇਗੀ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫਸਰ ਹਾਕਮ ਥਾਪਰ , ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ ਆਦਿ ਹਾਜ਼ਰ ਸਨ।


author

shivani attri

Content Editor

Related News