ਹੁਸ਼ਿਆਰਪੁਰ ''ਚ ਚੋਣਾਂ ਦੌਰਾਨ ਬਣੀ ਮੋਬਾਇਲ ''ਤੇ ਵੀਡੀਓ, ਡੀ. ਸੀ. ਈਸ਼ਾ ਕਾਲੀਆ ਨੇ ਲਿਆ ਸਖਤ ਐਕਸ਼ਨ

05/19/2019 3:03:37 PM

ਹੁਸ਼ਿਆਰਪੁਰ (ਘੁੰਮਣ)— ਲੋਕ ਸਭਾ ਚੋਣਾਂ ਲਈ ਅੱਜ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਵੋਟ ਪਾਉਣ ਸਮੇਂ ਮੋਬਾਇਲ ਤੋਂ ਬਣਾਈ ਵੀਡੀਓ ਵਾਇਰਲ ਹੋਣ 'ਤੇ ਸਬੰਧਤ ਬੂਥ ਦੀ ਮੌਕੇ 'ਤੇ ਜਾ ਕੇ ਪੜਤਾਲ ਉਪਰੰਤ ਕਾਰਵਾਈ ਕਰਦਿਆਂ ਜ਼ਿਲਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰ ਈਸ਼ਾ ਕਾਲੀਆ ਵੱਲੋਂ ਬੂਥ ਦੇ ਪ੍ਰੀਜ਼ਾਈਡਿੰਗ ਅਫਸਰ ਅਤੇ ਪੁਲਸ ਪਾਰਟੀ ਨੂੰ ਬਦਲ ਦਿੱਤਾ ਗਿਆ ਹੈ। 
ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥ 'ਤੇ ਮੋਬਾਇਲ ਲਿਜਾਣ 'ਤੇ ਰੋਕ ਲਗਾਈ ਗਈ ਹੈ ਪਰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਵੋਟ ਪਾਉਣ ਸਮੇਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਵਾਇਰਲ ਹੋਈ ਇਸ ਵੀਡੀਓ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵੀਡੀਓ 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਟਾਊਨ ਹਾਲ (ਪੁਰਾਣਾ ਕਮੇਟੀ ਦਫਤਰ) ਦੇ ਬੂਥ ਨੰਬਰ 102 ਦੀ ਹੈ। ਉਨ੍ਹਾਂ ਦੱਸਿਆ ਕਿ ਬੂਥ ਦਾ ਦੌਰਾ ਕਰਕੇ ਜਾਂਚ ਕੀਤੀ ਗਈ ਅਤੇ ਕੋਤਾਹੀ ਸਾਹਮਣੇ ਆਉਣ 'ਤੇ ਤੁਰੰਤ ਪ੍ਰੀਜ਼ਾਈਡਿੰਗ ਅਫਸਰ ਨੂੰ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐੱਸ. ਐੱਸ. ਪੀ. ਹੁਸ਼ਿਆਰਪੁਰ ਰਾਹੀਂ ਬੂਥ 'ਤੇ ਤਾਇਨਾਤ ਪੁਲਿਸ ਪਾਰਟੀ ਨੂੰ ਵੀ ਤੁਰੰਤ ਬਦਲ ਦਿੱਤਾ ਗਿਆ ਹੈ। 
ਰਿਟਰਨਿੰਗ ਅਫਸਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਦੇ ਅੰਦਰ ਪ੍ਰੀਜ਼ਾਈਡਿੰਗ ਅਫਸਰ ਤੋਂ ਇਲਾਵਾ ਹੋਰ ਕਿਸੇ ਦੇ ਵੀ ਮੋਬਾਇਲ ਫੋਨ ਲਿਜਾਣ 'ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਪ੍ਰੀਜ਼ਾਈਡਿੰਗ ਅਫਸਰਾਂ ਸਮੇਤ ਚੋਣ ਅਮਲੇ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀਡੀਓ ਵਾਇਰਲ ਹੋਣ 'ਤੇ ਤੁਰੰਤ ਸਬੰਧਤ ਅਮਲੇ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ।


shivani attri

Content Editor

Related News