ਵਿਕਾਸ ਰਹੇਗਾ ਏਜੰਡਾ, ਚੋਣਾਂ ਦੌਰਾਨ ਕੀਤੇ ਵਾਅਦੇ ਕਰਾਂਗੇ ਪੂਰੇ: ਮੁਨੀਸ਼ ਤਿਵਾੜੀ

Saturday, May 25, 2019 - 10:14 AM (IST)

ਵਿਕਾਸ ਰਹੇਗਾ ਏਜੰਡਾ, ਚੋਣਾਂ ਦੌਰਾਨ ਕੀਤੇ ਵਾਅਦੇ ਕਰਾਂਗੇ ਪੂਰੇ: ਮੁਨੀਸ਼ ਤਿਵਾੜੀ

ਜਲੰਧਰ/ਨਵਾਂਸ਼ਹਿਰ(ਧਵਨ)— ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਚੁਣੇ ਗਏ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਗੇ ਅਤੇ ਇਲਾਕੇ 'ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਫਰਜ਼ ਰਹੇਗਾ। ਬੀਤੇ ਦਿਨ ਕਾਂਗਰਸ ਦੇ ਸੀਨੀਅਰ ਆਗੂ ਮੋਹਨ ਲਾਲ ਬੰਗਾ ਅਤੇ ਨੌਜਵਾਨ ਕਾਂਗਰਸੀ ਆਗੂ ਰਿੰਕੂ ਸੇਠੀ ਨੇ ਜਿੱਤ ਤੋਂ ਬਾਅਦ ਮੁਨੀਸ਼ ਤਿਵਾੜੀ ਦਾ ਸਵਾਗਤ ਕੀਤਾ। ਮਨੀਸ਼ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਦਲ ਨੂੰ ਬੰਗਾ ਵਿਧਾਨ ਸਭਾ ਹਲਕੇ 'ਚ ਉਭਰਣ ਤੋਂ ਰੋਕਿਆ ਗਿਆ, ਉਹ ਇਕ ਅਹਿਮ ਗੱਲ ਹੈ।
ਉਨ੍ਹਾਂ ਕਿਹਾ ਕਿ ਇਹ ਵਿਕਾਸ ਦੇ ਏਜੰਡੇ 'ਤੇ ਕੰਮ ਕਰਨਾ ਚਾਹੁੰਦੇ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਖੇਤਰ 'ਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ 'ਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਐੱਮ. ਪੀ. ਫੰਡ ਦੀ ਰਕਮ ਨਾਲ ਉਹ ਪੰਜਾਬ ਸਰਕਾਰ ਨਾਲ ਮਿਲ ਕੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿਸ ਤਰ੍ਹਾਂ ਜਨਤਾ ਨੇ ਮੋਦੀ ਲਹਿਰ ਨੂੰ ਰੋਕਿਆ ਹੈ, ਉਹ ਇਕ ਵੱਡਾ ਕਦਮ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ 'ਚ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੂੰ ਰੋਕਣ 'ਚ ਮਿਲੀ ਕਾਮਯਾਬੀ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਸਰਕਾਰ ਨੂੰ ਦਿਹਾਤੀ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਉਣਾ ਹੋਵੇਗਾ।
ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਚੋਣ ਨਤੀਜਿਆਂ ਤੋਂ ਇਹ ਵੀ ਸਾਬਿਤ ਹੋ ਗਿਆ ਹੈ ਕਿ ਅਕਾਲੀਆਂ ਲਈ ਹੁਣ ਵੀ ਪੰਜਾਬੀਆਂ ਦੇ ਮਨਾਂ 'ਚ ਬੇਹੱਦ ਗੁੱਸਾ ਪਾਇਆ ਜਾ ਰਿਹਾ ਹੈ। ਅਕਾਲੀ ਸਿਰਫ ਬਾਦਲਾਂ ਦੀਆਂ 2 ਸੀਟਾਂ ਜਿੱਤ ਸਕੇ ਹਨ, ਬਾਕੀ 8 ਸੀਟਾਂ 'ਤੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਮਨੀਸ਼ ਨੇ ਵੀ ਸ੍ਰੀ ਆਨੰਦਪੁਰ ਸਾਹਿਬ 'ਚ ਅਕਾਲੀ ਦਲ ਦੇ ਉਮੀਦਵਾਰ ਨੂੰ ਮਾਤ ਦਿੱਤੀ ਹੈ।


author

shivani attri

Content Editor

Related News