ਅਕਾਲੀ ਦਲ ਨੇ ਲੁਧਿਆਣਾ ਤੋਂ ਐਲਾਨਿਆ ਉਮੀਦਵਾਰ
Saturday, Apr 13, 2019 - 06:16 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਸੀਨੀਅਰ ਅਕਾਲੀ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦਾ ਐਲਾਨ ਸ਼ਨੀਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਸੀਟ ਲਈ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਨਾਂ ਚਰਚਾ ਵਿਚ ਸੀ। ਉਧਰ ਅਕਾਲੀ ਦਲ ਵਲੋਂ ਭਾਜਪਾ ਗਠਜੋੜ ਨਾਲ ਕੋਟੇ 'ਚ ਆਉਂਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਅਜੇ ਤਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੱਤਾ ਧਿਰ ਕਾਂਗਰਸ ਪਾਰਟੀ ਵਲੋਂ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੈਦਾਨ ਵਿਚ ਹਨ ਜਦਕਿ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਸੀਟ 'ਤੇ ਅਜੇ ਤਕ ਪੱਤੇ ਸ਼ੋਅ ਨਹੀਂ ਕੀਤੇ ਗਏ ਹਨ। ਆਮ ਆਦਮੀ ਪਾਰਟੀ ਲੁਧਿਆਣਾ ਸੀਟ 'ਤੇ ਕਿਸੇ ਮਜ਼ਬੂਤ ਉਮੀਦਵਾਰ ਨੂੰ ਉਤਾਰਨਾ ਚਾਹੁੰਦੀ ਹੈ, ਜਿਸ ਦਾ ਐਲਾਨ ਕੁਝ ਦਿਨਾਂ 'ਚ ਹੋ ਸਕਦਾ ਹੈ।