ਚਰਨਜੀਤ ਚੰਨੀ ਨੂੰ ਚੰਦੂਮਾਜਰਾ ਦੀ ਚੁਣੌਤੀ

04/17/2019 6:55:57 PM

ਮੋਹਾਲੀ (ਪਰਦੀਪ) : ਸੀਨੀਅਰ ਅਕਾਲੀ ਲੀਡਰ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਤੇ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਝੂਠੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਚੰਨੀ ਦੇ ਇਸ ਬਿਆਨ ਕਿ ਚੰਦੂਮਾਜਰਾ ਨੇ ਹਲਕੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਦੇ ਪ੍ਰਤੀਕਰਮ 'ਚ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਇਹ ਦੱਸਣ ਕਿ ਪਿਛਲੇ ਦੋ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਚਮਕੌਰ ਸਾਹਿਬ ਹਲਕੇ ਦਾ ਕਿਹੜਾ ਵਿਕਾਸ ਕੀਤਾ ਹੈ। ਚੰਦੂਮਾਜਰਾ ਨੇ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਇਹ ਭਰਮ ਹੈ ਕਿ ਲੋਕਾਂ ਵਿਚ ਕਾਂਗਰਸ ਦਾ ਆਧਾਰ ਹੈ ਤਾਂ ਉਹ ਖੁਦ ਉਨ੍ਹਾਂ ਦੇ ਮੁਕਾਬਲੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਕਿਉਂ ਨਹੀਂ ਲੜ੍ਹ ਰਹੇ?
ਚੰਦੂਮਾਜਰਾ ਨੇ ਕਿਹਾ ਕਿ ਚੰਨੀ ਦੇ ਰੁਜ਼ਗਾਰ ਮੇਲਿਆਂ ਦੇ ਨਾਂ ਤੇ 2 ਸਾਲਾਂ 'ਚ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਇਕ ਵਿਧਾਇਕ ਅਤੇ ਕੈਬਨਿਟ ਮੰਤਰੀ ਹੁੰਦੇ ਹੋਏ ਚੰਨੀ ਕੋਲ ਕਰੋੜਾਂ ਰੁਪਏ ਦੀ ਗ੍ਰਾਂਟ ਦੇਣ ਦਾ ਅਖਤਿਆਰ ਹੈ ਪਰ ਫਿਰ ਵੀ ਉਨ੍ਹਾਂ ਨੇ ਆਪਣੇ ਹਲਕੇ ਦਾ ਵਿਕਾਸ ਕਿਉਂ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਦੀ ਮੁਰੰਮਤ ਤੇ ਉਸਾਰੀ ਦੇ ਨਾਂ 'ਤੇ ਹੋਰ ਜੋ ਵੀ ਘਪਲੇਬਾਜ਼ੀ ਹੋ ਰਹੀ ਹੈ, ਅਕਾਲੀ ਵਰਕਰ ਇਸ 'ਤੇ ਬਾਜ ਨਿਗਾਹ ਰੱਖ ਰਹੇ ਹਨ ਅਤੇ ਇਸ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ। 
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪੰਜਾਬ ਵਿਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸੱਤਾ 'ਚ ਆਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਚੰਨੀ ਵਰਗੇ ਕਾਂਗਰਸੀ ਲੀਡਰਾਂ ਵਲੋਂ ਪੂਰੀ ਚਾਲਾਕੀ ਨਾਲ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਝਾਂਸਾ ਦਿੱਤਾ ਜਾ ਰਿਹਾ ਹੈ ਅਤੇ ਛੋਟੀਆਂ-ਛੋਟੀਆਂ ਪ੍ਰਾਈਵੇਟ ਕੰਪਨੀਆਂ ਨੂੰ ਸੱਦ ਕੇ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਖਜ਼ਾਨੇ ਨੂੰ ਤਬਾਹ ਕੀਤਾ ਜਾ ਰਿਹਾ ਹੈ ।


Gurminder Singh

Content Editor

Related News