ਦਿੱਲੀ ''ਚ ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ
Sunday, Apr 07, 2019 - 06:24 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕਈ ਦਿਨਾਂ ਤੋਂ ਸਿਆਸੀ ਗਲਿਆਰਿਆਂ ਤੋਂ ਦੂਰ ਰਹਿਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੁੜ ਸਰਗਰਮੀਆਂ ਵਿੱਢ ਦਿੱਤੀਆਂ ਹਨ। ਐਤਵਾਰ ਨੂੰ ਨਵਜੋਤ ਸਿੱਧੂ ਵਲੋਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਦੇਸ਼ ਭਰ ਵਿਚ ਚੋਣ ਪ੍ਰਚਾਰ ਵਿੱਢਣ ਦਾ ਥਾਪੜਾ ਦਿੱਤਾ ਹੈ। ਜਿਸ ਦੀ ਸ਼ੁਰੂਆਤ ਉਹ 10 ਅਪ੍ਰੈਲ ਤੋਂ ਕਰ ਰਹੇ ਹਨ।
ਦੱਸਣਯੋਗ ਹੈ ਕਿ ਪਤਨੀ ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਸੰਸਦੀ ਹਲਕੇ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਸੂਤਰਾਂ ਮੁਤਾਬਾਕ ਇਸ ਮੁਲਾਕਾਤ ਵਿਚ ਲੋਕ ਸਭਾ ਚੋਣਾਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵੀ ਚਰਚਾ ਕੀਤੀ ਗਈ ਹੈ। ਇਸ ਦੌਰਾਨ ਸਿੱਧੂ ਵਲੋਂ ਅਹਿਮਦ ਪਟੇਲ ਨਾਲ ਵੀ ਮੁਲਾਕਾਤ ਕਰਕੇ ਵਿਚਾਰ ਚਰਚਾ ਕੀਤੀ ਗਈ।